ਲੁਧਿਆਣਾ : ਸ਼ਹਿਰ ਨੂੰ 22 ਮਹੀਨੇ ਬਾਅਦ ਸੋਮਵਾਰ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਦਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਤੇ ਸਕੂਲ ਦੀ ਪਿ੍ਰੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। ਰਾਕੇਸ਼ ਪ੍ਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪਿ੍ਰੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸ਼ਹਿਰ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਹਿਲਾ ਨੂੰ ਮੇਅਰ ਦੀ ਕੁਰਸੀ ’ਤੇ ਬਿਠਾਇਆ ਗਿਆ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਪ੍ਰਸ਼ਾਸਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਰਾਹ ਪੱਧਰਾ ਕਰੇਗਾ। ਅਮਨ ਅਰੋੜਾ ਨੇ ਕਿਹਾ ਕਿ ਅੱਜ ਲੁਧਿਆਣਾ ’ਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਦਿੱਤੀ ਹੈ। ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਵੀ ਬਹੁਤ ਤਜਰਬੇਕਾਰ ਹਨ। ਉਹ ਛੇਵੀਂ ਵਾਰ ਕੌਂਸਲਰ ਬਣੇ ਹਨ। ਉਨ੍ਹਾ ਆਮ ਆਦਮੀ ਪਾਰਟੀ ਦੇ ਮਰਹੂਮ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾ ਦੀ ਦਿਲੀ ਇੱਛਾ ਸੀ ਕਿ ਆਮ ਆਦਮੀ ਪਾਰਟੀ ਦਾ ਲੁਧਿਆਣਾ ’ਚ ਪੂਰਨ ਬਹੁਮਤ ਨਾਲ ਮੇਅਰ ਬਣੇ।
ਉਨ੍ਹਾ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ।





