ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਸਵੇਰੇ 11 ਵਜੇ ਸੱਦ ਲਈ ਹੈ।
ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਇਕੱਤਰਤਾ ’ਚ ਅਹਿਮ ਪੰਥਕ ਮਸਲਿਆਂ ਨੂੰ ਵਿਚਾਰਿਆ ਜਾਵੇਗਾ। ਭਾਵੇਂ ਮੀਟਿੰਗ ਦੇ ਏਜੰਡੇ ਬਾਰੇ ਖੁਲਾਸਾ ਨਹੀਂ ਕੀਤਾ ਗਿਆ, ਪਰ ਇਸ ਵੇਲੇ ਭਰਤੀ ਸੰਬੰਧੀ ਵਿਵਾਦ ਇੱਕ ਵੱਡਾ ਮੁੱਦਾ ਹੈ।
ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂ ਕਈ ਵਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ ਕਿ ਦੋ ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਫੈਸਲਿਆਂ ਨੂੰ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ, ਜਿਸ ’ਚ ਭਰਤੀ ਦੀ ਨਿਗਰਾਨੀ ਸੰਬੰਧੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਫ਼ੈਸਲੇ ਨੂੰ ਅਣਦੇਖਿਆ ਕਰਕੇ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ 20 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਦੇਸ਼ ਦੌਰੇ ’ਤੇ ਜਾਣਾ ਸੀ ਪਰ ਚੱਲ ਰਹੇ ਇਸ ਵਿਵਾਦ ਕਾਰਨ ਉਨ੍ਹਾ ਦੌਰਾ ਰੱਦ ਕਰ ਦਿੱਤਾ ਹੈ।
ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ। ਇਹ ਮੀਟਿੰਗ ਰੱਖਣ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵਾਸ ਵਿੱਚ ਨਹੀਂ ਲ਼ਿਆ ਗਿਆ। ਪਿਛਲ਼ੇ ਸਮੇਂ ਵਿੱਚ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਜਾਣ ਵਾਲੀ ਮੀਟਿੰਗ ਵੀ ਨਹੀਂ ਹੋ ਸਕੀ। ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਮੁਅੱਤਲੀ ਸੰਬੰਧੀ ਵੀ ਚਰਚਾ ਹੋ ਸਕਦੀ ਹੈ।





