ਨਵੀਂ ਦਿੱਲੀ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇਣਗੀਆਂ। ਉਸ ਦਿਨ ਕੇਂਦਰ ਵੱਲੋਂ ਬਣਾਈ ਗਈ ਐੱਮ ਐੱਸ ਪੀ ਕਮੇਟੀ ਦੀ ਪਹਿਲੀ ਮੀਟਿੰਗ ਹੋ ਰਹੀ ਹੈ। ਇਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਧਰਨਾ ਦੇਣਗੀਆਂ।
ਉਧਰ, ਯੂ ਪੀ ਦੇ ਲਖੀਮਪੁਰ ਖੀਰੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ 75 ਘੰਟਿਆਂ ਦਾ ਕਿਸਾਨ ਧਰਨਾ ਸ਼ਨੀਵਾਰ ਸਮਾਪਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਵਾਪਸ ਲੈਂਦਿਆਂ ਕਿਹਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 6 ਸਤੰਬਰ ਨੂੰ ਦਿੱਲੀ ਵਿਚ ਮੀਟਿੰਗ ਕੀਤੀ ਜਾਵੇਗੀ।
ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਬਹਾਦਰ ਸਿੰਘ ਤੇ ਹੋਰਨਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਤੰਬਰ ਦੇ ਪਹਿਲੇ ਹਫਤੇ ਕਿਸਾਨਾਂ ਲਈ ਸਰਕਾਰੀ ਪੱਧਰ ’ਤੇ ਮੀਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।
ਇਹ ਧਰਨਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਉਸ ਨੂੰ ਗਿ੍ਰਫਤਾਰ ਕਰਨ ਦੀ ਮੰਗ ਲਈ ਲਾਇਆ ਗਿਆ ਸੀ। ਇਸ ਦੇ ਨਾਲ ਹੀ ਨਾਜਾਇਜ਼ ਤੌਰ ’ਤੇ ਜੇਲ੍ਹ ਭੇਜੇ ਕਿਸਾਨਾਂ ’ਤੇ ਦਰਜ ਮਾਮਲੇ ਰੱਦ ਕਰਨ ਤੇ ਉਨ੍ਹਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਧਰਨੇ ਵਿਚ ਸ਼ਾਮਲ ਪੰਜਾਬ, ਹਰਿਆਣਾ, ਯੂ ਪੀ, ਦਿੱਲੀ, ਰਾਜਸਥਾਨ, ਉੱਤਰਾਖੰਡ ਅਤੇ ਹੋਰ ਬਹੁਤ ਸਾਰੇ ਸੂਬਿਆਂ ਵਿੱਚੋਂ ਕਿਸਾਨ ਤੇ ਕਿਸਾਨ ਬੀਬੀਆਂ ਬੱਚਿਆਂ ਸਮੇਤ ਜੋਸ਼ੋ-ਖਰੋਸ਼ ਨਾਲ ਸ਼ਾਮਲ ਹੋਈਆਂ।
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਦੇ ਡਾ. ਦਰਸ਼ਨਪਾਲ, ਲੱਖੋਵਾਲ ਦੇ ਸੂਬਾ ਆਗੂ ਪ੍ਰਸ਼ੋਤਮ ਸਿੰਘ ਗਿੱਲ, ਕਾਦੀਆਂ ਦੇ ਸੰਪੂਰਨ ਚੂੰਘਾਂ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਪੰਜਾਬ ’ਚੋਂ ਗਏ ਮੁੱਖ ਬੁਲਾਰਿਆਂ ਵਿਚ ਸ਼ਾਮਲ ਸਨ।



