ਨਵੀਂ ਦਿੱਲੀ : ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ ਅਤੇ ਪੂਰਵਾਂਚਲੀਆਂ ਲਈ ਇੱਕ ਮੰਤਰਾਲੇ ਦੀ ਸਥਾਪਨਾ ਕੀਤੀ ਜਾਵੇਗੀ। 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਤੋਂ ਹਾਰ ਮਿਲਣ ਤੋਂ ਬਾਅਦ ਕਾਂਗਰਸ ਸੱਤਾ ਤੋਂ ਬਾਹਰ ਚੱਲੀ ਆ ਰਹੀ ਹੈ। ਮੈਨੀਫੈਸਟੋ ਵਿੱਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ 2500 ਰੁਪਏ ਮਹੀਨਾ, 300 ਯੂਨਿਟ ਤੱਕ ਮੁਫਤ ਬਿਜਲੀ ਅਤੇ 500 ਰੁਪਏ ਵਿੱਚ ਐੱਲ ਪੀ ਜੀ ਸਿਲੰਡਰ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਅਤੇ ਮੁਫਤ ਰਾਸ਼ਨ ਕਿੱਟਾਂ ਵੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਸ਼ਾਮਲ ਹਨ। ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਸਾਲ ਲਈ 8500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ ਸ਼ਹਿਰ ਭਰ ਵਿੱਚ 100 ਇੰਦਰਾ ਕੰਟੀਨਾਂ ਸ਼ੁਰੂ ਕਰਨ ਦਾ ਪ੍ਰਸਤਾਵ ਵੀ ਰੱਖਿਆ, ਜੋ 5 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਗੀਆਂ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।