ਬੇਂਗਲੁਰੂ : ਕਰਨਾਟਕ ਹਾਈ ਕੋਰਟ ਨੇ ਸ਼ੁੱਕਰਵਾਰ ਸਾਬਕਾ ਮੁੱਖ ਮੰਤਰੀ ਬੀ ਐੱਸ ਯੇਦੀਯੁਰੱਪਾ ਦੀ ਪੋਕਸੋ ਐਕਟ ਦੇ ਉਪਬੰਧਾਂ ਤਹਿਤ ਆਪਣੇ ਵਿਰੁੱਧ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਅੰਸ਼ਕ ਤੌਰ ’ਤੇ ਮਨਜ਼ੂਰੀ ਦੇ ਦਿੱਤੀ, ਜਦੋਂ ਕਿ ਉਨ੍ਹਾ ਵਿਰੁੱਧ ਦਰਜ ਅਪਰਾਧਕ ਮਾਮਲਾ ਹੇਠਲੀ ਅਦਾਲਤ ਵਿੱਚ ਵਾਪਸ ਭੇਜ ਦਿੱਤਾ। ਹਾਲਾਂਕਿ, ਅਦਾਲਤ ਨੇ ਸੀਨੀਅਰ ਭਾਜਪਾ ਨੇਤਾ ਦੀ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।81 ਸਾਲਾ ਯੇਦੀਯੁਰੱਪਾ ਨੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਮਾਮਲਾ ਪਿਛਲੇ ਸਾਲ 14 ਮਾਰਚ ਨੂੰ ਇੱਕ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਹਿਲਾ ਨੇ ਦੋਸ਼ ਲਾਇਆ ਸੀ ਕਿ ਯੇਦੀਯੁਰੱਪਾ ਨੇ ਦੋ ਫਰਵਰੀ ਨੂੰ ਡਾਲਰਸ ਕਲੋਨੀ ਸਥਿਤ ਆਪਣੇ ਘਰ ਇੱਕ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਜਸਟਿਸ ਨਾਗਪ੍ਰਸੰਨਾ ਨੇ ਕਿਹਾਰਿੱਟ ਪਟੀਸ਼ਨ ਨੂੰ ਅੰਸ਼ਕ ਤੌਰ ’ਤੇ ਮਨਜ਼ੂਰੀ ਦਿੱਤੀ ਜਾਂਦੀ ਹੈ। ਅਪਰਾਧ, ਜਾਂਚ ਅਤੇ ਅੰਤਮ ਰਿਪੋਰਟ ਸਭ ਬਰਕਰਾਰ ਹਨ। ਹੁਕਮ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲਾ ਸੰਬੰਧਤ ਅਦਾਲਤ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਉਹ ਸੀ ਆਈ ਡੀ ਵੱਲੋਂ ਪੇਸ਼ ਕੀਤੀ ਗਈ ਅੰਤਮ ਰਿਪੋਰਟ ’ਤੇ ਢੁਕਵੇਂ ਆਦੇਸ਼ ਜਾਰੀ ਕਰੇ। ਪੀੜਤਾ ਦੀ 54 ਸਾਲਾ ਮਾਂ ਦੀ ਪਿਛਲੇ ਸਾਲ ਮਈ ਵਿੱਚ ਫੇਫੜਿਆਂ ਦੇ ਕੈਂਸਰ ਕਾਰਨ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ।