ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਬੀ ਆਰ ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਤਿਹਾਸਕ ਫੈਸਲਾ ਲੈਂਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਾਅ ਅਫ਼ਸਰਾਂ ਦੀਆਂ 58 ਅਸਾਮੀਆਂ ਐੱਸ ਸੀ ਭਾਈਚਾਰੇ ਲਈ ਰਾਖਵੀਆਂ ਕਰਨ ਦਾ ਫੈਸਲਾ ਕੀਤਾ ਹੈ। ਐਤਵਾਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਪੂਰਾ’ ਦਾ ਨਾਅਰਾ ਦਿੱਤਾ ਸੀ। ਉਹਨਾ ਇਸ ਸੁਪਨੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।
ਉਨ੍ਹਾ ਕਿਹਾ ਕਿ ਸੁਪਰੀਮ ਕੋਰਟ ਜਾਂ ਦੇਸ਼ ਦੀ ਕਿਸੇ ਵੀ ਹਾਈ ਕੋਰਟ ’ਚ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਹੈ, ਪਰ ‘ਆਪ’ ਸਰਕਾਰ ਨੇ ਭਾਰਤੀ ਰਾਜਨੀਤੀ ’ਚ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਚੀਮਾ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਦੇਸ਼ ਭਰ ਦੇ ਆਪਣੇ- ਸ਼ਾਸਤ ਰਾਜਾਂ ’ਚ ਕਾਨੂੰਨੀ ਅਧਿਕਾਰੀਆਂ ਦੇ ਅਹੁਦਿਆਂ ਲਈ ਰਾਖਵਾਂਕਰਨ ਲਾਗੂ ਕਰਨ ਦੀ ਚੁਣੌਤੀ ਦਿੰਦਿਆਂ ਸਿੱਖਿਅਤ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਯੋਗ ਮੌਕੇ ਦੇਣ ਦੀ ਗੱਲ ਆਖੀ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਲਈ ਵਰਤਿਆ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਬਰਾਬਰ ਮੌਕੇ ਅਤੇ ਹੱਕ ਦੇਣ ਲਈ ਠੋਸ ਕਦਮ ਉਠਾ ਰਹੀ ਹੈ।
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਇਹ ਇਤਿਹਾਸਕ ਫੈਸਲਾ ਲੈਣ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦੇ ਹੋਏ ਚੀਮਾ ਨੇ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਰਵਾਇਤੀ ਆਗੂਆਂ ਦੇ ਉਲਟ ਕੇਜਰੀਵਾਲ ਅਤੇ ਭਗਵੰਤ ਮਾਨ ਅਨੁਸੂਚਿਤ ਜਾਤੀਆਂ ਅਤੇ ਪੰਜਾਬੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਮੀਡੀਆ ਦੇ ਇੱਕ ਸਵਾਲ ਦੇ ਜਵਾਬ ’ਚ ਚੀਮਾ ਨੇ ਕਿਹਾ ਕਿ ਇਹ ਸਾਰਿਆਂ ਨੂੰ ਸਪੱਸ਼ਟ ਹੈ ਕਿ ‘ਆਪ’ ਸਰਕਾਰ ਪੰਜਾਬ ’ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾ ਦਿ੍ਰੜ੍ਹਤਾ ਨਾਲ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਜਨਤਾ ਦੇ ਪੈਸੇ ਦੀ ਲੁੱਟ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੋਦੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ’ਤੇ ਅਫਸੋਸ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਤੋਂ ਹੈਰਾਨ ਹੈ, ਜਿਸ ਨੂੰ ਹੁਣ ਵਿਸ਼ਵ ਪੱਧਰ ’ਤੇ ਮਾਨਤਾ ਮਿਲ ਰਹੀ ਹੈ। ਉਨ੍ਹਾ ਕਿਹਾ ਕਿ ‘ਆਪ’ ਐੱਨ ਡੀ ਏ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਡਰਦੀ ਨਹੀਂ ਅਤੇ ਦੇਸ਼ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਦੀ ਰਹੇਗੀ।