ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਸੋਮਵਾਰ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੰਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਕੇਵਲ ਤਿੰਨ ਮੈਂਬਰਾਂ ਨੇ ਇਸ ਸੰਬੰਧ ਵਿਚ ਆਪਣਾ ਵਿਰੋਧ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤਿ੍ਰੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤਿ੍ਰੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਸਾਬਕਾ ਰਿਸ਼ਤੇਦਾਰ ਵੱਲੋਂ ਉਨ੍ਹਾ ਦੇ ਖਿਲਾਫ ਗੰਭੀਰ ਦੋਸ਼ ਲਾਏ ਗਏ ਸਨ। ਇਸ ਵਿਅਕਤੀ ਨੇ ਆਪਣੇ ਦੋਸ਼ਾਂ ਸੰਬੰਧੀ ਇੱਕ ਸ਼ਿਕਾਇਤ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੌਂਪਿਆ ਸੀ।
ਇਸ ਸ਼ਿਕਾਇਤ ਪੱਤਰ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਵਾਸਤੇ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਪਹਿਲਾਂ 15 ਦਿਨ ਦਾ ਸਮਾਂ ਅਤੇ ਬਾਅਦ ਵਿੱਚ ਇੱਕ ਮਹੀਨੇ ਦਾ ਹੋਰ ਸਮਾਂ ਵਧਾ ਦਿੱਤਾ ਗਿਆ ਸੀ। ਜਾਂਚ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ ਅਤੇ ਉਨ੍ਹਾ ਦੀ ਥਾਂ ਇਹ ਸੇਵਾਵਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਸੌਂਪ ਦਿੱਤੀਆਂ ਗਈਆਂ ਸਨ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਵਿਅਕਤੀ ਵੱਲੋਂ ਲਾਏ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ ਅਤੇ ਇਨ੍ਹਾਂ ਨੂੰ ਬੇਬੁਨਿਆਦ ਆਖ ਚੁੱਕੇ ਹਨ। ਉਨ੍ਹਾ ਲੱਗੇ ਦੋਸ਼ਾਂ ਸੰਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸੰਗਤ ਦੇ ਸਾਹਮਣੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾ ਵੱਲੋਂ ਪਹਿਲਾਂ ਵੀ ਖ਼ਦਸ਼ਾ ਜ਼ਾਹਰ ਕੀਤਾ ਜਾ ਚੁੱਕਾ ਹੈ ਕਿ ਉਨ੍ਹਾ ਦੇ ਖਿਲਾਫ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਅਤੇ ਉਨ੍ਹਾ ਦੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਪੰਜ ਸਾਹਿਬਾਨ ਦੀ ਇੱਕ ਮੀਟਿੰਗ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਤਿੱਖੀ ਬਹਿਸ ਵੀ ਹੋਈ ਸੀ।
ਇਸ ਦੇ ਨਾਲ ਹੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਏ ਸਤਨਾਮ ਸਿੰਘ ਦੇ ਪਰਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਟਰੱਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰ ਗਏ ਅਤੇ ਉਨ੍ਹਾਂ ਦਾ ਸਰਲੀਕਰਨ ਕੀਤਾ ਗਿਆ।
ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤਿ੍ਰੰਗ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਸਨ।





