ਮੁਫਤ ਮਾਲ ਤੇ ਸਹੂਲਤਾਂ ਕਰਕੇ ਲੋਕ ਕੰਮ ਕਰਨ ਨੂੰ ਤਿਆਰ ਨਹੀਂ : ਸੁਪਰੀਮ ਕੋਰਟ

0
120

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ, ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ ਰਿਹਾ ਹੈ। ਇਹ ਟਿੱਪਣੀਆਂ ਜਸਟਿਸ ਬੀ ਆਰ ਗਵਈ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਕੀਤੀਆਂ, ਜੋ ਸ਼ਹਿਰੀ ਖੇਤਰਾਂ ਵਿੱਚ ਬੇਘਰ ਵਿਅਕਤੀਆਂ ਦੇ ਪਨਾਹ ਦੇ ਅਧਿਕਾਰ ਨਾਲ ਸੰਬੰਧਤ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਜਸਟਿਸ ਗਵਈ ਨੇ ਕਿਹਾਬਦਕਿਸਮਤੀ ਨਾਲ ਇਨ੍ਹਾਂ ਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਮੁਫਤ ਰਾਸ਼ਨ ਮਿਲ ਰਿਹਾ ਹੈ। ਉਨ੍ਹਾਂ ਨੂੰ ਬਿਨਾਂ ਕੋਈ ਕੰਮ ਕੀਤੇ ਰਕਮ ਮਿਲ ਰਹੀ ਹੈ।ਅਸੀਂ ਉਨ੍ਹਾਂ ਲਈ ਤੁਹਾਡੀ ਚਿੰਤਾ ਦੀ ਕਾਫੀ ਸ਼ਲਾਘਾ ਕਰਦੇ ਹਾਂ, ਪਰ ਕੀ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਾਉਣਾ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਇਜਾਜ਼ਤ ਦੇਣਾ ਬਿਹਤਰ ਨਹੀਂ ਹੋਵੇਗਾ। ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੇ ਬੈਂਚ ਨੂੰ ਦੱਸਿਆ ਕਿ ਕੇਂਦਰ ਸਰਕਾਰ ਸ਼ਹਿਰੀ ਗਰੀਬੀ ਹਟਾਓ ਮਿਸ਼ਨ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ, ਜੋ ਸ਼ਹਿਰੀ ਬੇਘਰਿਆਂ ਲਈ ਆਸਰੇ ਦੀ ਵਿਵਸਥਾ ਸਮੇਤ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰੇਗਾ। ਬੈਂਚ ਨੇ ਅਟਾਰਨੀ ਜਨਰਲ ਨੂੰ ਕੇਂਦਰ ਤੋਂ ਇਸ ਗੱਲ ਦੀ ਪੁਸ਼ਟੀ ਕਰਨ ਲਈ ਕਿਹਾ ਕਿ ਸ਼ਹਿਰੀ ਗਰੀਬੀ ਹਟਾਓ ਮਿਸ਼ਨ ਨੂੰ ਕਿੰਨੇ ਸਮੇਂ ਦੇ ਅੰਦਰ ਲਾਗੂ ਕੀਤਾ ਜਾਵੇਗਾ। ਸਿਖਰਲੀ ਅਦਾਲਤ ਮਾਮਲੇ ਦੀ ਸੁਣਵਾਈ ਹੁਣ ਛੇ ਹਫਤਿਆਂ ਬਾਅਦ ਕਰੇਗੀ।