ਕਿਸਾਨ ਏਕੇ ਬਾਰੇ ਮੀਟਿੰਗ ’ਚ ਤਾਲਮੇਲਵੇਂ ਸੰਘਰਸ਼ ਦੀ ਲੋੜ ’ਤੇ ਸਹਿਮਤੀ

0
104

ਚੰਡੀਗੜ੍ਹ : ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਿੱਚ ਏਕੇ ਨੂੰ ਲੈ ਕੇ ਬੁੱਧਵਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਮੋਰਚੇ ਵੱਲੋਂ ਸਰਵਣ ਸਿੰਘ ਪੰਧੇਰ ਸਣੇ ਸੱਤ ਮੈਂਬਰੀ ਵਫ਼ਦ ਮੌਜੂਦ ਰਿਹਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਗੈਰਹਾਜ਼ਰ ਰਿਹਾ।
ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਤਾਲਮੇਲਵਾਂ ਸੰਘਰਸ਼ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਗੈਰਮੌਜੂਦਗੀ ਕਰਕੇ ਕੋਈ ਫੈਸਲਾ ਸਿਰੇ ਨਹੀਂ ਚੜ੍ਹ ਸਕਿਆ। ਹੁਣ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਤਾਲਮੇਲਵੇਂ ਸੰਘਰਸ਼ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਦੋਨੋਂ ਧਿਰਾਂ ਸਹਿਮਤ ਹੋਈਆਂ ਕਿ ਕਿਸਾਨੀ ਕਾਜ਼ ਲਈ ਸਾਂਝੀ ਲੜਾਈ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਦੁਬਾਰਾ ਮੀਟਿੰਗ ਫਿਰ ਸੱਦੀ ਜਾਵੇਗੀ, ਜਿਸ ਵਿੱਚ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਲੱਖੋਵਾਲ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਰਹੇ।