ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 14,000 ਕਰੋੜ ਦੇ ਬਕਾਏ ਮਿਲਣਗੇ

0
29

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ ਏ / ਡੀ ਆਰ ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ, ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੇਗੀ।ਮੰਤਰੀ ਮੰਡਲ ਨੇ 22 ਨਵੀਂਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਨਵੀਂਆਂ ਅਸਾਮੀਆਂ ਸਿਰਜਣ ਲਈ ਵੀ ਪ੍ਰਵਾਨਗੀ ਦੇ ਦਿੱਤੀ। ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਸਹਾਇਕ ਡਾਇਰੈਕਟਰ, ਸੀਨੀਅਰ ਸਹਾਇਕ ਅਤੇ ਸੇਵਾਦਾਰ ਦੀਆਂ ਤਿੰਨ ਨਵੀਂਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕਰ ਵਿਭਾਗ ਵਿੱਚ ਮਨੁੱਖੀ ਵਸੀਲਿਆਂ ਦੀ ਸਹੀ ਵਰਤੋਂ ਕਰ ਕੇ ਸੂਬੇ ਵਿੱਚ ਟੈਕਸਾਂ ਦੀ ਚੋਰੀ ਰੋਕਣ ਲਈ ਮੰਤਰੀ ਮੰਡਲ ਨੇ ਵਿਭਾਗ ਵਿੱਚ 476 ਨਵੀਂਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਵਿਭਾਗ ਵਿੱਚ ਇੰਸਪੈਕਟਰਾਂ ਦੀਆਂ ਅਸਾਮੀਆਂ ਦਾ ਨਾਂਅ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਨਾਲ ਹੁਣ ਵਿਭਾਗ ਦੇ ਇੰਸਪੈਕਟਰਾਂ ਨੂੰ ਸਟੇਟ ਟੈਕਸੇਸ਼ਨ ਅਫਸਰ (ਰਾਜ ਕਰ ਅਧਿਕਾਰੀ) ਵਜੋਂ ਜਾਣਿਆ ਜਾਵੇਗਾ। ਮੰਤਰੀ ਮੰਡਲ ਨੇ ਆਬਕਾਰੀ ਵਿਭਾਗ ਵਿੱਚ ਰੈਗੂਲਰ ਆਧਾਰ ’ਤੇ 53 ਡਰਾਈਵਰਾਂ ਦੀ ਭਰਤੀ ਲਈ ਵੀ ਸਹਿਮਤੀ ਦੇ ਦਿੱਤੀ। ਮੰਤਰੀ ਮੰਡਲ ਨੇ ਐਲੀਮੈਂਟਰੀ ਸਿੱਖਿਆ ਵਿਭਾਗ ਵਿੱਚ ਸਰੀਰਕ ਸਿਖਲਾਈ ਇੰਸਟ੍ਰਕਟਰਾਂ (ਪੀ ਟੀ ਆਈ ਅਧਿਆਪਕਾਂ) ਦੀ ਸਿੱਧੀ ਭਰਤੀ ਲਈ ਨਿਯਮਾਂ ਅਤੇ ਯੋਗਤਾਵਾਂ ਵਿੱਚ ਸੋਧ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ 2000 ਅਧਿਆਪਕਾਂ ਦੀ ਭਰਤੀ ਲਈ ਰਾਹ ਪੱਧਰਾ ਹੋਵੇਗਾ।ਮੰਤਰੀ ਮੰਡਲ ਨੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਿੱਚ ਗਰੁੱਪ-ਸੀ ਕਾਡਰ ਦੀਆਂ 822 ਅਸਾਮੀਆਂ ਨੂੰ ਸੁਰਜੀਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐੱਸ ਏ ਐੱਸ ਨਗਰ ਵਿੱਚ ਵੱਖ-ਵੱਖ ਕਾਡਰਾਂ ਦੀਆਂ 97 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਨੌਜਵਾਨਾਂ ਲਈ ਰੁਜ਼ਗਾਰ ਦੇ 50,00 ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਅੰਮਿ੍ਰਤਸਰ-ਕੋਲਕਾਤਾ ਇੰਡਸਟਰੀਅਲ ਕੋਰੀਡੋਰ (ਏ ਕੇ ਆਈ ਸੀ) ਪ੍ਰਾਜੈਕਟ ਦੇ ਹਿੱਸੇ ਵਜੋਂ ਰਾਜਪੁਰਾ ਵਿਖੇ ਇੰਟੇਗ੍ਰੇਟਿਡ ਮੈਨੂਫੈਕਚਰਿੰਗ ਕਲਸਟਰ (ਆਈ ਅੱੈਮ ਸੀ) ਸਥਾਪਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਬਣਾਇਆ ਗਿਆ ਸਪੈਸ਼ਲ ਪਰਪਜ਼ ਵਹੀਕਲ (ਐੱਸ ਪੀ ਵੀ), ਐੱਨ ਆਈ ਸੀ ਡੀ ਸੀ ਪੰਜਾਬ ਇੰਡਸਟਰੀਅਲ ਕੋਰੀਡੋਰ ਡਿਵੈੱਲਪਮੈਂਟ ਕਾਰਪੋਰੇਸ਼ਨ ਲਿਮਟਿਡ ਨੂੰ ਜ਼ਮੀਨ ਦੇ ਤਬਾਦਲੇ ਲਈ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ ਅਤੇ ਹੋਰ ਵਾਧੂ ਖਰਚਿਆਂ ਦੀ ਛੋਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ ਪੀੜਤ ਨੂੰ ਪ੍ਰਤੀ ਮਹੀਨਾ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 8,000 ਰੁਪਏ ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦੀਆਂ ਵਿਸ਼ੇਸ਼ ਬੈਠਕਾਂ 24 ਤੇ 25 ਫਰਵਰੀ ਤੱਕ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੋ ਰੋਜ਼ਾ ਸੈਸ਼ਨ ਦੌਰਾਨ ਵਿਧਾਨਕ ਕੰਮਕਾਜ ਹੋਵੇਗਾ।ਮੰਤਰੀ ਮੰਡਲ ਨੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਫਾਸਟ ਟਰੈਕ ਐੱਨ ਆਰ ਆਈ ਅਦਾਲਤਾਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਅਨੁਸਾਰ ਇਹ ਅਦਾਲਤਾਂ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਮੋਗਾ ਅਤੇ ਲੁਧਿਆਣਾ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਇਸ ਨਾਲ ਪਰਵਾਸੀ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਇਨਸਾਫ਼ ਮਿਲਣ ਦੀ ਵਿਵਸਥਾ ਹੋਰ ਬਿਹਤਰ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਗੋਹੇ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਮੰਤਰੀ ਮੰਡਲ ਨੇ ਉਦਯੋਗਿਕ ਸ਼ਹਿਰ ਵਿੱਚ ਅਤਿ-ਆਧੁਨਿਕ ਬਾਇਓ-ਮੀਥੇਨ ਪਲਾਂਟ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪਲਾਂਟ 2.5 ਏਕੜ ਵਿੱਚ ਫੈਲਿਆ ਹੋਵੇਗਾ ਅਤੇ ਇਸ ਦੀ ਰੋਜ਼ਾਨਾ ਦੀ ਸਮਰੱਥਾ 300 ਟਨ ਦੀ ਹੋਵੇਗੀ।ਝੋਨੇ ਦੀ ਪਰਾਲੀ ਦੇ ਢੁਕਵੇਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਝੋਨੇ ਦੀ ਪਰਾਲੀ ’ਤੇ ਆਧਾਰਤ ਨਵਾਂ ਬਾਇਲਰ ਸਥਾਪਤ ਕਰਨ ਲਈ ਪੂੰਜੀਗਤ ਸਬਸਿਡੀ ਇਕ ਕਰੋੜ ਰੁਪਏ ਅਤੇ ਮੌਜੂਦਾ ਪਲਾਂਟ ਨੂੰ ਅਪਗ੍ਰੇਡ ਕਰਨ ਲਈ 50 ਲੱਖ ਰੁਪਏ ਸਬਸਿਡੀ ਦੇਣ ਦੀ ਸਹਿਮਤੀ ਦੇ ਦਿੱਤੀ। ਮੰਤਰੀ ਮੰਡਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿੱਚ ਅਧਿਆਪਨ ਫੈਕਲਟੀ ਨੂੰ ਯੂ ਜੀ ਸੀ ਸਕੇਲ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ।