ਮੋਹਾਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਸੋਮਵਾਰ ਮੋਹਾਲੀ ਵਿਖੇ ਪੰਜਾਬ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕਾਂਗਰਸੀਆਂ ਨੇ ਪੰਜਾਬ ਸਰਕਾਰ ’ਤੇ ਬਦਲਾਖੋਰੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਖਿਲਾਫ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਗਈ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵਿਜੀਲੈਂਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਸ ਦੇ ਖਿਲਾਫ ਜਾਂਚ ਵਿਚ ਕੁਝ ਨਹੀਂ ਆਇਆ ਹੈ ਅਤੇ ਉਹ ਵਿਜੀਲੈਂਸ ਦਫਤਰ ਦੇ ਬਾਹਰ ਖੜ੍ਹਾ ਹੈ, ਉਸ ਨੂੰ ਗਿ੍ਰਫਤਾਰ ਕਰ ਸਕਦੇ ਹੋ। ਧਰਨੇ ਵਿਚ ਆਸ਼ੂ ਤੋਂ ਇਲਾਵਾ ਸਾਬਕਾ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੇ ਹੋਰ ਆਗੂ ਸ਼ਾਮਲ ਹੋਏ।
ਆਮ ਆਦਮੀ ਪਾਰਟੀ (ਆਪ) ਨੇ ਵਿਜੀਲੈਂਸ ਦਫਤਰ ਅੱਗੇ ਕਾਂਗਰਸ ਵੱਲੋਂ ਦਿੱਤੇ ਧਰਨੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਿ੍ਰਸ਼ਟ ਅਤੇ ਨਾਪਾਕ ਲੋਕ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜਾਂਚਾਂ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੀ ਆਪਣੇ ਸਵਾਰਥੀ ਅਤੇ ਭਿ੍ਰਸ਼ਟ ਆਗੂਆਂ ਨੂੰ ਬਚਾਉਣ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ ਦੀ ਸਲਾਹ ਦਿੱਤੀ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਵੱਲੋਂ ਲਾਏ ਗਏ ਬਦਲਾਖੋਰੀ ਦੀ ਰਾਜਨੀਤੀ ਦੇ ਬੇਤੁਕੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਸਾਰੇ ਆਗੂ ਵਿਜੀਲੈਂਸ ਦੀ ਜਾਂਚ ਤੋਂ ਕਿਉਂ ਡਰਦੇ ਹਨ। ਕੰਗ ਨੇ ਕਿਹਾ, “ਜੇ ਉਹ ਬੇਕਸੂਰ ਹਨ ਅਤੇ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਉਹ ਨਿਰਪੱਖ ਜਾਂਚ ਤੋਂ ਭੱਜ ਕਿਉਂ ਰਹੇ ਹਨ? ਨਿਰਪੱਖ ਜਾਂਚ ਦਾ ਸਾਹਮਣਾ ਕਰੋ ਅਤੇ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰੋ।’’
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਵੀ ਉਨ੍ਹਾਂ ਵਾਂਗ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਬੇਕਸੂਰ ਹਨ ਅਤੇ ਝੂਠੇ ਕੇਸਾਂ ਤੋਂ ਡਰਦੇ ਨਹੀਂ ਅਤੇ ਜਲਦ ਹੀ ਅਦਾਲਤ ਵਿੱਚ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ।
ਕੰਗ ਅਨੁਸਾਰ ਮਾਨ ਸਰਕਾਰ ਵੱਲੋਂ ਫੂਡ ਐਂਡ ਸਪਲਾਈ, ਟਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਦੀਆਂ ਫਾਈਲਾਂ ਦੀ ਘੋਖ ਕੀਤੀ ਜਾ ਰਹੀ ਹੈ ਤਾਂ ਇਨ੍ਹਾ ਵਿੱਚ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਦੇ ਨਾਂਅ ਸਾਹਮਣੇ ਆ ਰਹੇ ਹਨ। ਪਿਛਲੀ ਸਰਕਾਰ ਦੌਰਾਨ ਹੋਏ ਵੱਖ-ਵੱਖ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ। ‘ਆਪ’ ਸਰਕਾਰ ਆਪਣੀ ਜ਼ਿੰੰਮੇਵਾਰੀ ਸਮਝਦੀ ਹੈ ਕਿ ਉਹ ਲੋਕਾਂ ਦੇ ਸਾਹਮਣੇ ਸੱਚਾਈ ਲਿਆਵੇ ਅਤੇ ਭਿ੍ਰਸ਼ਟਾਚਾਰੀਆਂ ਨੂੰ ਸਜ਼ਾਵਾਂ ਦੇਵੇ।
ਉਹਨਾਂ ਸਾਬਕਾ ਜੇਲ੍ਹ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ’ਤੇ ਕਾਂਗਰਸ ਸਰਕਾਰ ਦੌਰਾਨ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਉਣ ਲਈ ਮੋਹਾਲੀ ਵਿਖੇ ਫਰਜ਼ੀ ਐੱਫ ਆਈ ਆਰ ਦਰਜ ਕਰ ਰੋਪੜ ਕੇਂਦਰੀ ਜੇਲ੍ਹ ’ਚ ਉਸ ਨੂੰ ‘ਵੀ ਵੀ ਆਈ ਪੀ ਟ੍ਰੀਟਮੈਂਟ’ ਦੇਣ ਦਾ ਦੋਸ਼ ਵੀ ਲਗਾਇਆ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ‘ਛੱਲਾ ਮੁੜ ਕੇ ਨੀ ਆਇਆ’ ਅਤੇ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਨਾਲ ਪੈਸਾ ਇਕੱਠਾ ਕਰ ਹੁਣ ਵਿਦੇਸ਼ ’ਚ ‘ਲੁਕਿਆ’ ਬੈਠਾ ਹੈ।