ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਹਿਲਾ ਨਾਲ ਕਥਿਤ ਬਲਾਤਕਾਰ ਦੇ ਦੋਸ਼ ਵਿਚ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਖਿਲਾਫ ਕੇਸ ਦਰਜ ਸੰਬੰਧੀ ਦਿੱਲੀ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਬੈਂਚ ਨੇ ਸੋਮਵਾਰ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਦਿਆਂ ਹੁਸੈਨ ਦੀ ਅਰਜ਼ੀ ’ਤੇ ਅਗਲੀ ਸੁਣਵਾਈ ਸਤੰਬਰ ਦੇ ਤੀਜੇ ਹਫਤੇ ਨਿਰਧਾਰਿਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 17 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਹੁਸੈਨ ਦੀ ਟਰਾਇਲ ਕੋਰਟ ਦੇ ਦਿੱਲੀ ਪੁਲਸ ਨੂੰ ਕੇਸ ਦਰਜ ਕਰਨ ਦੀ ਹਦਾਇਤ ਕਰਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਦਿੱਲੀ ਆਧਾਰਿਤ ਮਹਿਲਾ ਨੇ ਸਾਲ 2018 ਵਿਚ ਹੇਠਲੀ ਕੋਰਟ ਦਾ ਰੁਖ ਕਰਦਿਆਂ ਹੁਸੈਨ ’ਤੇ ਜਬਰ-ਜ਼ਨਾਹ ਦਾ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।



