ਮੁਕਤਸਰ ਦਾ ਡੀ ਸੀ ਸਸਪੈਂਡ, ਵਿਜੀਲੈਂਸ ਜਾਂਚ ਦੇ ਹੁਕਮ

0
104

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ (ਸ਼ਮਿੰਦਰਪਾਲ, ਪੂਜਾ/ ਗੁਰਜੀਤ ਬਿੱਲਾ)
ਪੰਜਾਬ ਸਰਕਾਰ ਨੇੇ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤਿ੍ਰਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਕੁਰੱਪਸ਼ਨ ਦੇ ਕੇਸ ਵਿਚ ਕੀਤੀ ਗਈ ਹੈ। ਮਾਮਲਾ ਪਟਿਆਲਾ ਦਾ ਦੱਸਿਆ ਜਾ ਰਿਹਾ ਹੈ। 2016 ਬੈਚ ਦੇ ਆਈ ਏ ਐੱਸ ਰਾਜੇਸ਼ ਤਿ੍ਰਪਾਠੀ ਨੇ ਬਤੌਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ 16 ਅਗਸਤ 2024 ਨੂੰ ਸੰਭਾਲਿਆ ਸੀ। ਇਸ ਤੋਂ ਪਹਿਲਾ ਤਿ੍ਰਪਾਠੀ ਵਧੀਕ ਸਕੱਤਰ ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ ਜਲੰਧਰ ਤੋਂ ਇਲਾਵਾ ਏ ਡੀ ਸੀ (ਜਨਰਲ) ਪਟਿਆਲਾ ਅਤੇ ਹੋਰ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਅਵੀਜੀਤ ਕਪਲਿਸ਼ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡੀ ਸੀ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ। ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐੱਸ ਐੱਸ ਪੀ, ਐੱਸ ਡੀ ਐੱਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐੱਸ ਪੀ, ਡੀ ਐੱਸ ਪੀ, ਐੱਸ ਐੱਚ ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ।ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ ’ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭਿ੍ਰਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ ’ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ।