ਐਡਵੋਕੇੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਛੱਡੀ

0
99

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)-ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਫਾਰਗ ਕਰਨ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸੋਮਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦਾ ਐਲਾਨ ਕਰ ਦਿੱਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਅਕਾਲ ਤਖਤ ਵੱਲੋਂ ਨਾਮਜ਼ਦ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਫਾਰਗ ਕਰਨ ਲਈ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕਰ ਦਿੱਤੀ। ਐਡਵੋਕੇਟ ਧਾਮੀ, ਜਿਨ੍ਹਾ ਨਵੰਬਰ, 2021 ਵਿੱਚ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ, ਨੇ ਪ੍ਰੈੱਸ ਕਾਨਫਰੰਸ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫੈਸਲਾ ਅੰਤਿ੍ਰੰਗ ਕਮੇਟੀ ਦਾ ਸੀ, ਜਿਸ ਵਿੱਚ ਕਮੇਟੀ ਦੇ ਉਨ੍ਹਾ ਸਣੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁ-ਸੰਮਤੀ ਨਾਲ ਇਸ ਫੈਸਲੇ ’ਤੇ ਸਹਿਮਤੀ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ-ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫਾ ਉਨ੍ਹਾਂ ਅੰਤਿ੍ਰੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ ਉਨ੍ਹਾ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਪਿਛਲੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਨ੍ਹਾ ਨੂੰ ਜਥੇਦਾਰੀ ਦੇ ਅਹੁਦੇ ਤੋਂ ਫਾਰਗ ਕਰਨ ਦਾ ਫੈਸਲਾ ਕੀਤਾ ਸੀ।
ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ’ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ’ਤੇ ਸਨ ਅਤੇ ਉਨ੍ਹਾ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸੰਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ। ਉਨ੍ਹਾ ਨਾ ਸਿਰਫ ਇਸ ਫੈਸਲੇ ’ਤੇ ਇਤਰਾਜ਼ ਕੀਤਾ ਸੀ, ਸਗੋਂ ਇਹ ਵੀ ਕਿਹਾ ਸੀ ਕਿ ਇਸ ਫੈਸਲੇ ਨਾਲ ਉਨ੍ਹਾ ਦੇ ਮਨ ਨੂੰ ਠੇਸ ਪੁੱਜੀ ਹੈ।
ਦੱਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਬਣਾਈ ਗਈ ਜਾਂਚ ਕਮੇਟੀ ’ਤੇ ਵੀ ਇਤਰਾਜ਼ ਪ੍ਰਗਟਾਇਆ ਸੀ। ਉਨ੍ਹਾ ਕਿਹਾ ਸੀ ਕਿ ਜਥੇਦਾਰਾਂ ਵਿਰੁੱਧ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ, ਇਸ ਸੰਬੰਧੀ ਜਾਂਚ ਸਿਰਫ ਅਕਾਲ ਤਖਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ।