ਮਾਨ ਵੱਲੋਂ ਚੀਮਾ ਤੇ ਸਰਦੂਲਗੜ੍ਹ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

0
70

ਚੀਮਾ (ਰਵਿੰਦਰ ਬਾਂਸਲ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦਿ੍ਰਤ ਸੇਵਾਵਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।ਮੁੱਖ ਮੰਤਰੀ ਦੁਪਹਿਰ ਮੌਕੇ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਅਤੇ ਉਨ੍ਹਾ ਦੀ ਸਰਕਾਰ ਵੱਲੋਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ, ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਇਲਾਕੇ ਵਿੱਚ ਨਿਰਮਾਣ ਅਧੀਨ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ।
ਉਨ੍ਹਾ ਉਮੀਦ ਜ਼ਾਹਰ ਕੀਤੀ ਕਿ 20 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਹੋਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਸਪਤਾਲ ’ਤੇ ਚੱਲ ਰਿਹਾ ਕੰਮ ਇਸ ਸਾਲ 30 ਜੂਨ ਤੱਕ ਪੂਰਾ ਹੋ ਜਾਵੇਗਾ।
ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਚੈਕਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਵਿਕਾਸ ਖੇਤਰਾਂ ਦੇ ਵਿਕਾਸ ਵੱਲ ਲਗਾਤਾਰ ਯਤਨਸ਼ੀਲ ਹੈ।
ਇਸ ਦੌਰਾਨ ਨਾਗਰਿਕਾਂ ਤੋਂ ਫੀਡਬੈਕ ਲੈਣ ਲਈ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ ਤਹਿਸੀਲ ਵਿੱਚ ਤਹਿਸੀਲਦਾਰ ਦੀ ਰੈਗੂਲਰ ਤਾਇਨਾਤੀ ਜਲਦ ਹੀ ਕੀਤੀ ਜਾਵੇਗੀ। ਉਨ੍ਹਾਂ ਦਫ਼ਤਰ ਦੇ ਕੰਮਕਾਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਕੰਪਲੈਕਸ ਵਿੱਚ ਹਾਈ ਸਪੀਡ ਇੰਟਰਨੈੱਟ ਲਗਾਉਣ ਦੇ ਵੀ ਹੁਕਮ ਦਿੱਤੇ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀਆਂ ਨੂੰ ਪੂਰਾ ਸਹਿਯੋਗ ਕਰੇਗੀ।