ਚੰਡੀਗੜ੍ਹ. (ਗੁਰਜੀਤ ਬਿੱਲਾ, �ਿਸ਼ਨ ਗਰਗ)
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਮਿਊਂਸਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਵਾਰ ਦਾ ਹਿੱਸਾ ਬਣ ਰਹੇ ਹਨ। ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 50,892 ਨੌਕਰੀਆਂ ਦਿੱਤੀਆਂ ਹਨ।
ਉਨ੍ਹਾ ਕਿਹਾ ਕਿ ਵਿਰੋਧੀ ਪਾਰਟੀਆਂ ਨੌਕਰੀਆਂ ਬਾਰੇ ਸਿਰਫ਼ ਇਸ ਲਈ ਰੌਲਾ ਪਾਉਦੀਆਂ ਹਨ, ਕਿਉਕਿ ਉਹ ਕਾਣੀ ਵੰਡ ਦੀਆਂ ਆਦੀ ਸਨ ਅਤੇ ਉਨ੍ਹਾਂ ਦੀ ਨਜ਼ਰ ਇਨ੍ਹਾਂ ਯੋਗ ਨੌਜਵਾਨਾਂ ਉਤੇ ਕਦੇ ਨਹੀਂ ਪਈ। ਉਨ੍ਹਾ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਯੋਗ ਨੌਜਵਾਨਾਂ ਨੂੰ ਇਕ ਵੀ ਨੌਕਰੀ ਨਹੀਂ ਦਿੱਤੀ। ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੀਆਂ ਟਾਂਵੀਆਂ-ਟਾਂਵੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸਿਰਫ਼ ਨਜ਼ਦੀਕੀਆਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਲਈ ਰਾਖਵੀਆਂ ਸਨ, ਜਦੋਂ ਕਿ ਆਮ ਆਦਮੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਵਿਭਾਗ ਵਿੱਚ ਖਾਲੀ ਹੁੰਦੇ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ ਲੱਗਭੱਗ 50,000 ਨੌਕਰੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਵੱਡਾ ਸਬਕ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਮਿਸਾਲਾਂ ਵੀ ਹਨ, ਜਿੱਥੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। ਉਨ੍ਹਾ ਕਿਹਾ ਕਿ ਇਸ ਕਾਰਨ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜ ਆਇਆ ਹੈ, ਕਿਉਕਿ ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਰਤ ਰਹੇ ਹਨ। ਉਨ੍ਹਾ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਵੀ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਇਸੇ ਤਰ੍ਹਾਂ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਵਿਚਾਰ ਛੱਡ ਦਿੱਤਾ, ਕਿਉਕਿ ਉਸ ਨੂੰ ਇੱਥੇ ਨੌਕਰੀ ਮਿਲ ਗਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਸਕੱਤਰ ਵਾਤਾਵਰਣ ਵਿਭਾਗ ਪਿ੍ਰਯਾਂਕ ਭਾਰਤੀ ਅਤੇ ਹੋਰ ਵੀ ਮੌਜੂਦ ਸਨ।





