ਇੰਸਪੈਕਟਰ ਰੈਂਕ ਤੱਕ ਦੇ 52 ਪੁਲਸ ਮੁਲਾਜ਼ਮ ਡਿਸਮਿਸ

0
107

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਬੁੱਧਵਾਰ ਪੰਜਾਬ ਪੁਲਸ ਦੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ 52 ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ। ਡੀ ਜੀ ਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇਹ ਕਾਰਵਾਈ ਇਨ੍ਹਾਂ ਉਤੇ ਲੱਗੇ ਭਿ੍ਰਸ਼ਟਾਚਾਰ ਦੇ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਬਾਅਦ ਪੁਲਸ ’ਚ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਯਾਦਵ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਦੌਰਾਨ ਸੂਬਾਗੀਰ ਪੜਤਾਲ ਦੌਰਾਨ ਜ਼ਿਲ੍ਹਾ ਪੁਲਸ ਮੁਖੀਆਂ ਦੀ ਸਿਫਾਰਸ਼ ’ਤੇ ਬਰਖਾਸਤਗੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਦਾਇਤਾਂ ਦਿੱਤੀਆਂ ਸਨ ਕਿ ਪੁਲਸ ਵਿਭਾਗ ਵਿੱਚ ਤਾਕਤ ਦੀ ਦੁਰਵਰਤੋਂ ਤੇ ਕੁਰੱਪਸ਼ਨ ਨੂੰ ਚੈੱਕ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਧਨ ਭੋਟਣ ਲਈ ਝੂਠੀਆਂ ਐੱਫ ਆਈ ਆਰ ਕੀਤੀਆਂ ਗਈਆਂ ਹਨ। ਯਾਦਵ ਨੇ ਕਿਹਾ ਕਿ ਪੁਲਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੁਲਸ 43 ਸੇਵਾਵਾਂ ਪਹਿਲਾਂ ਹੀ ਆਨਲਾਈਨ ਦੇ ਰਹੀ ਹੈ। ਹੁਣ ਇਨ੍ਹਾਂ ਵਿੱਚ 60 ਹੋਰ ਸ਼ਾਮਲ ਕੀਤੀਆਂ ਜਾਣਗੀਆਂ। ਲੋਕ ਸਾਂਝ ਕੇਂਦਰ ਜਾਂ ਘਰ ਬੈਠੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
ਇਸ ਤੋਂ ਇਲਾਵਾ ਦਿੱਲੀ ਪੁਲਸ ਵਾਂਗ ਪੁਲਸ ਹੁਣ ਮੋਟਰ ਵਾਹਨ ਚੋਰੀ ਲਈ ਈ-ਐੱਫ ਆਈ ਆਰ ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਇਸ ਨੂੰ ਇੱਕ ਮਹੀਨੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ।