ਐਡਵੋਕੇਟ ਧਾਮੀ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣ ਤੇ ਸਾਰੇ ਸੰਜਮ ਤੋਂ ਕੰਮ ਲੈਣ : ਜਥੇਦਾਰ

0
134

ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਉਂਜ ਜਥੇਦਾਰ ਨੇ ਸਾਫ ਕਰ ਦਿੱਤਾ ਕਿ ਉਨ੍ਹਾ ਨੂੰ ਸ਼ੁੱਕਰਵਾਰ ਹੀ ਪਤਾ ਲੱਗਾ ਹੈ ਕਿ ਅਕਾਲ ਤਖਤ ਦੇ ਹੁਕਮ ਸਿਰਫ ਇਸ ਦੀ ਚਾਰਦੀਵਾਰੀ ਤੱਕ ਹੀ ਸੀਮਤ ਹਨ।
ਸਨਿੱਚਰਵਾਰ ਸਵੇਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੇ ਘਟਨਾਕ੍ਰਮ ਬਾਰੇ ਆਪਣੀ ਚੁੱਪੀ ਤੋੜਦਿਆਂ ਜਥੇਦਾਰ ਨੇ ਕਿਹਾ ਕਿ ਐਡਵੋਕੇਟ ਧਾਮੀ ਨੂੰ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਉਨ੍ਹਾ ਨੂੰ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਦਾ ਵੀ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਧਾਮੀ ਨੇ ਆਪਣੇ ਅਸਤੀਫੇ ਵਿੱਚ ਜ਼ਿਕਰ ਕੀਤਾ ਹੈ ਕਿ ਉਨ੍ਹਾ ਮੇਰੇ (ਜਥੇਦਾਰ) ਵੱਲੋਂ ਪਾਈ ਇੱਕ ਪੋਸਟ ਦੇ ਆਧਾਰ ’ਤੇ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦਿੱਤਾ ਹੈ। ਉਨ੍ਹਾ ਕਿਹਾ ਕਿ ਇਹ ਪੋਸਟ ਉਨ੍ਹਾ ਆਪਣੇ ਨਿੱਜੀ ਸੋਸ਼ਲ ਮੀਡੀਆ ਪੇਜ ’ਤੇ ਪਾਈ ਸੀ ਅਤੇ ਕਿਸੇ ਨੂੰ ਆਦੇਸ਼ ਨਹੀਂ ਕੀਤਾ ਸੀ ਤੇ ਇਹ ਉਨ੍ਹਾ ਦੇ ਆਪਣੇ ਮਨ ਦੇ ਵਲਵਲੇ ਸਨ। ਉਨ੍ਹਾ ਕਿਹਾ ਕਿ ਧਾਮੀ ਨੇ ਜਿਵੇਂ ਨੈਤਿਕ ਆਧਾਰ ’ਤੇ ਅਸਤੀਫਾ ਦਿੱਤਾ ਹੈ, ਉਸੇ ਤਰ੍ਹਾਂ ਉਹ ਵੀ ਨੈਤਿਕ ਆਧਾਰ ’ਤੇ ਉਨ੍ਹਾ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਕੇ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣ। ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਹ ਕਿਸੇ ਦਬਾਅ ਹੇਠ ਹੋਣ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲੱਗ ਰਿਹਾ ਸੀ ਕਿ ਉਹ ਦਬਾਅ ਮਹਿਸੂਸ ਕਰ ਰਹੇ ਹਨ। ਉਹ ਇੱਕ ਇਮਾਨਦਾਰ, ਨਿਤਨੇਮੀ, ਗੁਰੂ ਦੀ ਭੈਅ-ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਹਨ।
ਜਥੇਦਾਰ ਨੇ ਦੱਸਿਆ ਕਿ ਸ਼ਨਿੱਚਰਵਾਰ ਅੰਤਰਿੰਗ ਕਮੇਟੀ ਦੇ ਮੈਂਬਰ ਮਿਲੇ ਸਨ ਅਤੇ ਸਿੱਖ ਗੁਰਦੁਆਰਾ ਐਕਟ ਦੇ ਮੁਤਾਬਕ ਅਧਿਕਾਰਾਂ ਦੀ ਗੱਲ ਕੀਤੀ। ਉਨ੍ਹਾ ਕਿਹਾ ਕਿ ਐਕਟ ਮੁਤਾਬਕ ਸ਼੍ਰੋਮਣੀ ਕਮੇਟੀ ਨੂੰ ਕਰਮਚਾਰੀਆਂ, ਗ੍ਰੰਥੀਆਂ ਅਤੇ ਜਥੇਦਾਰਾਂ ਦੀ ਨਿਯੁਕਤੀ ਦੇ ਅਧਿਕਾਰ ਪ੍ਰਾਪਤ ਹਨ, ਪਰ ਮੈਂਬਰਾਂ ਨਾਲ ਹੋਈ ਗੱਲਬਾਤ ਨੇ ਉਨ੍ਹਾ ਨੂੰ ਅਹਿਸਾਸ ਕਰਵਾਇਆ ਹੈ ਕਿ ਸ੍ਰੀ ਅਕਾਲ ਤਖਤ ਦੇ ਹੁਕਮ ਸਿਰਫ ਸ੍ਰੀ ਅਕਾਲ ਤਖਤ ਦੀ ਚਾਰਦੀਵਾਰੀ ਤੱਕ ਹੀ ਸੀਮਤ ਹਨ, ਜਦੋਂ ਕਿ ਉਹ ਸਮਝਦੇ ਸਨ ਕਿ ਅਕਾਲ ਤਖਤ ਵੱਲੋਂ ਕੀਤੇ ਗਏ ਹੁਕਮ ਸਾਰੀ ਦੁਨੀਆ ਵਿੱਚ ਵੱਸਦੇ ਸਿੱਖਾਂ ’ਤੇ ਲਾਗੂ ਹੁੰਦੇ ਹਨ। ਜਥੇਦਾਰ ਦੀ ਇਸ ਗੱਲ ਨੇ ਇਹ ਵੀ ਸਾਬਤ ਕੀਤਾ ਹੈ ਕਿ ਉਹ ਅੰਤਰਿੰਗ ਕਮੇਟੀ ਵੱਲੋਂ ਅਧਿਕਾਰਾਂ ਸੰਬੰਧੀ ਕੀਤੀ ਗਈ ਚਰਚਾ ਤੋਂ ਨਾਖੁਸ਼ ਹਨ।
ਆਪਣੇ ਅਸਤੀਫੇ ਸੰਬੰਧੀ ਚੱਲ ਰਹੀ ਚਰਚਾ ਦੇ ਸੰਦਰਭ ਵਿਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਨੂੰ ਜੋ ਪ੍ਰਵਾਨ ਹੋਏਗਾ, ਉਸੇ ਮੁਤਾਬਕ ਸਭ ਕੁਝ ਹੋਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਬਾਰੇ ਉਨ੍ਹਾ ਕਿਹਾ ਕਿ ਦੁਖਦਾਈ ਹੈ।
ਉਨ੍ਹਾ ਕਿਹਾ ਕਿ ਸਾਰਿਆਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਹਰ ਇੱਕ ਨੂੰ ਇੱਕ-ਦੂਜੇ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਹਨ, ਜੋ ਬਜ਼ੁਰਗਾਂ ਦੀਆਂ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਕੰਮ ਕਰਨਾ ਚਾਹੀਦਾ ਹੈ।