ਆਦਿਵਾਸੀਆਂ ਦੇ ਕਤਲੇਆਮ ਖਿਲਾਫ ਪੰਜਾਬ ਭਰ ’ਚ ਪ੍ਰਦਰਸ਼ਨ

0
174

ਚੰਡੀਗੜ੍ਹ : ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ, ਆਰ ਐੱਮ ਪੀ ਆਈ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਜੀਵਨ ਦੀ ਸੁਰੱਖਿਆ, ਜਲ, ਜੰਗਲ ਅਤੇ ਜ਼ਮੀਨ ਨੂੰ ਦੇਸੀ-ਵਿਦੇਸ਼ੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਪੁਲਸ ਮੁਕਾਬਲਿਆਂ ਦੇ ਨਾਂਅ ਥੱਲੇ ਕੀਤੇ ਜਾ ਰਹੇ ਕਤਲ ਅਤੇ ਹਰ ਕਿਸਮ ਦੇ ਜਬਰ ਵਿਰੁੱਧ ਵੀਰਵਾਰ ਜਲੰਧਰ, ਕਪੂਰਥਲਾ, ਅੰਮਿ੍ਰਤਸਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਮੋਗਾ, ਫ਼ਰੀਦਕੋਟ, ਸੰਗਰੂਰ, ਪਟਿਆਲਾ ਸਮੇਤ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਗਏ।
ਇਸ ਮੌਕੇ ਰਾਸ਼ਟਰਪਤੀ ਨੂੰ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਭੇਜੇ ਮੰਗ ਪੱਤਰਾਂ ਵਿੱਚ ਮੰਗ ਕੀਤੀ ਗਈ ਕਿ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਕੀਤੇ ਜਾ ਰਹੇ ਝੂਠੇ ਪੁਲਸ ਮੁਕਾਬਲੇ ਤੁਰੰਤ ਬੰਦ ਕੀਤੇ ਜਾਣ, ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਦੇ ਹਵਾਲੇ ਕਰਨਾ ਬੰਦ ਕੀਤਾ ਜਾਵੇ, ਆਦਿਵਾਸੀ ਖੇਤਰਾਂ ਵਿੱਚ ਫੌਜੀ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਹਟਾਇਆ ਜਾਵੇ, ਇਸ ਜਬਰ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ ਪਾਰਟੀਆਂ, ਸਿਆਸੀ ਅਤੇ ਜਮਹੂਰੀ ਕਾਰਕੁਨਾਂ ਅਤੇ ਪੱਤਰਕਾਰਾਂ, ਲੇਖਕਾਂ ਨੂੰ ਸ਼ਹਿਰੀ ਨਕਸਲੀ ਕਹਿ ਕੇ ਨਿਸ਼ਾਨਾ ਬਣਾਉਣਾ ਬੰਦ ਕੀਤਾ ਜਾਵੇ, ਅਪਰੇਸ਼ਨ ਕਗਾਰ ਨੂੰ ਤੁਰੰਤ ਬੰਦ ਕੀਤਾ ਜਾਵੇ।
ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਅਜਮੇਰ ਸਿੰਘ, ਆਰ ਐੱਮ ਪੀ ਆਈ ਦੇ ਸੂਬਾਈ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਸਮੇਤ ਹੋਰਨਾਂ ਬੁਲਾਰਿਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ 250 ਅਤੇ ਇਸ ਸਾਲ ਦੇ ਪਹਿਲੇ 6 ਹਫਤਿਆਂ ਵਿੱਚ ਹੀ ਸੁਰੱਖਿਆ ਫੋਰਸਾਂ ਨੇ 86 ਲੋਕਾਂ ਨੂੰ ਮਾਰ ਦਿੱਤਾ ਹੈ। ਪਿਛਲੇ ਦਿਨੀਂ ਵਾਪਰੀ ਤਾਜ਼ਾ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ 31 ਆਦਿਵਾਸੀਆਂ ਨੂੰ ਕਤਲ ਕਰ ਦਿੱਤਾ ਗਿਆ। ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਅਤੇ ਸਾਮਰਾਜ ਦੇ ਹਵਾਲੇ ਕਰਨ ਲਈ ਜਬਰ ਦਾ ਨਿਸ਼ਾਨਾ ਬਣਾ ਕੇ ਉਜਾੜਿਆ ਜਿਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਦਹਿਸ਼ਤਜ਼ਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਦਰਜ ਕਾਨੂੰਨੀ ਵਿਵਸਥਾਵਾਂ ਦੀ ਵੀ ਪਾਲਣਾ ਨਾ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਆਦਿਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਬਣਾਏ ‘ਮੂਲਵਾਸੀ ਬਚਾਓ ਮੰਚ’ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਉਹਨਾਂ ਦੇ ਆਗੂਆਂ ਨੂੰ ਜੇਲ੍ਹਾਂ ’ਚ ਡੱਕ ਦਿੱਤਾ ਗਿਆ ਹੈ। ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਕਾਨੂੰਨੀ ਅਧਿਕਾਰ ਤੋਂ ਵੀ ਲੋਕਾਂ ਨੂੰ ਵਾਂਝੇ ਕੀਤਾ ਜਾ ਰਿਹਾ ਹੈ। ਕਾਫੀ ਸਮਾਂ ਪਹਿਲਾਂ ਉਸ ਵਕਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਸੀ ਕਿ ਜੇਕਰ ਬੇਕਸੂਰ ਆਦਿਵਾਸੀਆਂ ਨੂੰ ਜੇਲ੍ਹਾਂ ’ਚ ਬੰਦ ਕਰੋਗੇ ਤਾਂ ਉਹਨਾਂ ਕੋਲ ਮਾਓਵਾਦੀਆਂ ’ਚ ਰਲਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਲੁੱਟ ਅਤੇ ਜਬਰ ਦਾ ਵਿਰੋਧ ਕਰ ਰਹੇ ਖਿੱਤਿਆਂ ਵਿੱਚੋਂ ਨਕਸਲੀਆਂ ਨੂੰ ਮਾਰਚ 2026 ਤੱਕ ਖ਼ਤਮ ਕਰਨ ਦੇ ਐਲਾਨ ਰਾਜਸੀ ਹਿੰਸਾ ਦਾ ਕਰੂਰ ਪ੍ਰਗਟਾਵਾ ਹੈ, ਜਿਸ ਤਹਿਤ ਕਾਨੂੰਨ ਅਨੁਸਾਰ ਰਾਜ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਇਸ ਨੀਤੀ ਤਹਿਤ ਹੀ ਇਸ ਜਬਰ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ, ਪਾਰਟੀਆਂ, ਸਿਆਸੀ ਅਤੇ ਜਮਹੂਰੀ ਕਾਰਕੁਨ, ਪੱਤਰਕਾਰ, ਲੇਖਕਾਂ ਨੂੰ ਵੀ ‘ਸ਼ਹਿਰੀ ਨਕਸਲੀ’ ਕਹਿ ਕੇ ਇਸ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਵਿੱਚ ਵਿਰੋਧ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰ ਰਹੇ ਲੋਕਾਂ ਨੂੰ ਵੱਖ-ਵੱਖ ਢੰਗਾਂ ਰਾਹੀਂ ਦਬਾਉਣ ਦੇ ਹਰ ਹੀਲੇ ਦਾ ਵਿਰੋਧ ਕਰਨਾ ਅਣਸਰਦੀ ਫੌਰੀ ਲੋੜ ਬਣ ਗਿਆ ਹੈ। ਬੁਲਾਰਿਆਂ ਸਰਕਾਰ ਦੇ ਇਹਨਾਂ ਗੈਰ-ਜਮਹੂਰੀ ਅਤੇ ਫਾਸ਼ੀ ਹਮਲਿਆਂ ਦਾ ਵਿਸ਼ਾਲ ਲਾਮਬੰਦੀ ਕਰਕੇ ਡਟਵਾਂ ਵਿਰੋਧ ਕਰਨ ਦਾ ਸੱਦਾ ਵੀ ਦਿੱਤਾ।
ਜਲੰਧਰ ਵਿਖੇ ਪ੍ਰਦਰਸ਼ਨਕਾਰੀਆਂ ਨੂੰ ਰਛਪਾਲ ਕੈਲੇ, ਹਰਜਿੰਦਰ ਸਿੰਘ ਮੌਜੀ, ਤਰਸੇਮ ਪੀਟਰ, ਹੰਸ ਰਾਜ ਪੱਬਵਾਂ, ਕਸ਼ਮੀਰ ਸਿੰਘ ਘੁੱਗਸ਼ੋਰ, ਸੰਦੀਪ ਅਰੋੜਾ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਸੁਰਿੰਦਰ ਕੁਮਾਰੀ ਕੋਛੜ ਆਦਿ ਨੇ ਸੰਬੋਧਨ ਕੀਤਾ। ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕਰਨ ਉਪਰੰਤ ਮੁਜ਼ਾਹਰੇ ਦੌਰਾਨ ਨਾਇਬ ਤਹਿਸੀਲਦਾਰ ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਲਿਆ।
ਲੁਧਿਆਣਾ/ਦੋਰਾਹਾ (ਐੱਮ ਐੱਸ ਭਾਟੀਆ/ਹਰਮਿੰਦਰ ਸੇਠ) : ਇੱਥੇ ਨਵੀਂਆਂ ਕਚਹਿਰੀਆਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਦੱਸਿਆ ਕਿ ਵਰ੍ਹਿਆਂ ਤੋਂ ਆਪਣੇ ਜਲ, ਜੰਗਲ, ਜ਼ਮੀਨ ਦੀ ਰਾਖੀ ਲਈ ਸੰਘਰਸ਼ਸ਼ੀਲ ਆਦਿਵਾਸੀਆ ਨੂੰ ਕੇਂਦਰ ਦੇ ਵੱਖ-ਵੱਖ ਪੁਲਸ ਬਲਾਂ ਵੱਲੋਂ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਹੈ।ਝਾਰਖੰਡ, ਛੱਤੀਸਗੜ੍ਹ, ਆਂਧਰਾ, ਤਿੰਲਗਾਨਾ ਸੂਬਿਆਂ ਚ ਜੰਗਲਾਂ ਦੀ ਜ਼ਮੀਨ ਹੇਠ ਪਏ ਖਣਿਜ ਪਦਾਰਥਾਂ ਨੂੰ ਵੱਡੇ ਕਾਰਪੋਰੇਟਾਂ ਨੂੰ ਲੁਟਾਉਣ ਲਈ ਆਦਿਵਾਸੀਆ ਨੂੰ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਸੈਂਕੜੇ ਪਿੰਡ ਉਜਾੜੇ ਹਨ, ਹਜ਼ਾਰਾਂ ਗਰੀਬ ਆਦਿਵਾਸੀਆਂ ਨੂੰ ਜੇਲ੍ਹਾਂ ’ਚ ਡੱਕਿਆ ਹੋਇਆ ਹੈ।ਜਮਹੂਰੀਅਤ ਕੁਚਲੀ ਜਾ ਰਹੀ ਹੈ।ਵੱਡੇ ਕਾਰਪੋਰੇਟਾਂ ਦੇ ਹਿੱਤ ਸਾਧਣ ਲਈ ਇਨ੍ਹਾਂ ਸੂਬਿਆਂ ’ਚ ਅਤਿਅੰਤ ਜਾਬਰ ਕਨੂੰਨ ਲਾਗੂ ਕੀਤੇ ਹੋਏ ਹਨ।ਅਪਰੇਸ਼ਨ ਗਰੀਨ ਹੰਟ ਤੋ ਬਾਅਦ ਹੁਣ ਅਮਿਤ ਸ਼ਾਹ ਦੀ ਅਗਵਾਈ ’ਚ ਅਪਰੇਸ਼ਨ ਕਹਾਰ ਚਲਾ ਕੇ ਆਦਿਵਾਸੀਆਂ ਦੇ ਕਤਲ ਕਰਾ ਰਿਹਾ ਹੈ।ਪਿਛਲੇ ਛੇ ਹਫ਼ਤਿਆਂ ’ਚ 86 ਗਰੀਬ ਲੋਕਾਂ ਨੂੰ ਅਤੇ ਪੂਰੇ ਸਾਲ ਚ 250 ਆਦਿਵਾਸੀਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਚੁੱਕਿਆ ਹੈ।ਉਨ੍ਹਾ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਪੱਛੜੇ ਸੂਬਿਆਂ ’ਚ ਵਿਕਾਸ ਦੇ ਨਾਂਅ ’ਤੇ ਲੋਕਾਂ ਨੂੰ ਜੀਵਨ ਦੀਆਂ ਸਹੂਲਤਾਂ ਦੇਣ ਦੀ ਥਾਂ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਆਰ ਐੱਮ ਪੀ ਆਈ ਆਗੂ ਪ੍ਰੋ. ਜੈਪਾਲ ਸਿੰਘ, ਇਨਕਲਾਬੀ ਕੇਂਦਰ ਦੇ ਆਗੂ ਸੁਰਿੰਦਰ ਸਿੰਘ, ਸੀ ਪੀ ਆਈ ਐੱਮ ਐੱਲ (ਨਿਊ ਡੈਮੋਕਰੇਸੀ) ਦੇ ਆਗੂ ਸਾਧੂ ਸਿੰਘ ਅਚਰਵਾਲ ਅਤੇ ਸੀ ਪੀ ਆਈ ਆਗੂ ਡੀ ਪੀ ਮੌੜ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਆਰ ਐੱਸ ਐੱਸ ਦੇ ਏਜੰਡੇ ਨੂੰ ਪੂਰਾ ਕਰਨ ਲਈ ਭਾਜਪਾ ਦੀ ਮੋਦੀ ਸਰਕਾਰ ਆਦਿਵਾਸੀਆਂ, ਘੱਟ ਗਿਣਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦਾ ਨਰਸੰਹਾਰ ਕਰ ਰਹੀ ਹੈ, ਤਾਂ ਕਿ ਉਹਨਾਂ ਦੀ ਜਲ, ਜੰਗਲ ਤੇ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਦਿੱਤੀ ਜਾ ਸਕੇ। ਖੱਬੀਆਂ ਅਤੇ ਜਮਹੂਰੀ ਸ਼ਕਤੀਆਂ ਸੰਵਿਧਾਨ ਦੇ ਦਾਇਰੇ ਵਿੱਚ ਰਹਿੰਦਿਆਂ ਇਹਨਾਂ ਖਿਲਾਫ ਜ਼ੋਰਦਾਰ ਜਨਤਕ ਅੰਦੋਲਨ ਕਰਕੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿੱਚ ਵਿਸ਼ਵਾਸ ਰੱਖਦੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਦੀਆਂ ਏਜੰਸੀਆਂ ਜਾਂ ਅਖੌਤੀ ਸਮਾਜ ਸੇਵੀ ਆਰ ਐੱਸ ਐੱਸ ਵਰਗੀਆਂ ਸੰਸਥਾਵਾਂ ਨੂੰ ਗੈਰ-ਸੰਵਿਧਾਨਕ ਕਾਰਵਾਈਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹੋਰਨਾਂ ਤੋਂ ਇਲਾਵਾ ਐੱਮ ਐੱਸ ਭਾਟੀਆ, ਜਗਦੀਸ਼ ਚੰਦ ਅਤੇ ਦਸ਼ਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਲੁਧਿਆਣਾ ਜ਼ਿਲ੍ਹਾ ਦੇ ਜਨਰਲ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਵੀ ਸੰਬੋਧਨ ਕੀਤਾ। ਚਮਕੌਰ ਸਿੰਘ ਬਰਮੀ, ਡਾਕਟਰ ਰਜਿੰਦਰ ਪਾਲ ਸਿੰਘ ਔਲਖ, ਡਾਕਟਰ ਬਲਵਿੰਦਰ ਸਿੰਘ ਔਲਖ, ਅਮਰਜੀਤ ਮੱਟੂ, ਵਿਜੇ ਕੁਮਾਰ, ਕੇਵਲ ਸਿੰਘ ਬਨਵੈਤ, ਪੰਜਾਬੀ ਸਾਹਿਤ ਅਕੈਡਮੀ ਦੇ ਜਨਰਲ ਸਕੱਤਰ ਡਾਕਟਰ ਗੁਲਜ਼ਾਰ ਸਿੰਘ ਪੰਧੇਰ, ਨਰੇਸ਼ ਗੌੜ, ਅਵਤਾਰ ਛਿੱਬੜ, ਵਿਨੋਦ ਕੁਮਾਰ, ਪ੍ਰੋਫੈਸਰ ਏ ਕੇ ਮਲੇਰੀ, ਸਤਿਨਾਮ ਸਿੰਘ, ਦਰਸ਼ਨ ਸਿੰਘ, ਕੁਲਵੰਤ ਕੌਰ ਅਤੇ ਉਸਾਰੀ ਮਜ਼ਦੂਰਾਂ ਦੇ ਆਗੂ ਕਮੇਸ਼ਵਰ ਯਾਦਵ ਵੀ ਮੌਜੂਦ ਸਨ।ਇਨਕਲਾਬੀ ਕੇਂਦਰ ਦੀ ਰਵਿਤਾ ਨੇ ਇਨਕਲਾਬੀ ਕਵਿਤਾ ਪੇਸ਼ ਕੀਤੀ।