ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਚੱਲ ਰਹੀ ਚਰਚਾ ਬਾਰੇ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਉਨ੍ਹਾ ਵੀ ਆਪਣੇ ਕੱਪੜੇ ਬੈਗ ਵਿੱਚ ਪਾ ਕੇ ਤਿਆਰ ਰੱਖੇ ਹੋਏ ਹਨ। ਇਹ ਪ੍ਰਗਟਾਵਾ ਸਨਿੱਚਰਵਾਰ ਉਨ੍ਹਾ ਇਥੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਦੌਰਾਨ ਕੀਤਾ।
ਉਨ੍ਹਾ ਆਪਣੇ ਇਸ ਕਥਨ ਨਾਲ ਸਪੱਸ਼ਟ ਕੀਤਾ ਹੈ ਕਿ ਜੇ ਉਨ੍ਹਾ ਨੂੰ ਇਸ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਵੀ ਤਿਆਰ ਹਨ। ਇਸ ਅਹੁਦੇ ਦੀ ਸੇਵਾ ਨੂੰ ਜਾਰੀ ਰੱਖਣਾ ਜਾਂ ਸੇਵਾ ਛੱਡ ਦੇਣਾ ਇਹ ਦੋਵੇਂ ਹੀ ਗੁਰੂ ਦੇ ਭਾਣੇ ਮੁਤਾਬਕ ਹਨ। ਇਹ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਕੀਤੀ ਜਾ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਉਨ੍ਹਾ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰ ਕੇ ਭਰਤੀ ਸੰਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵੱਲੋਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਨਹੀਂ ਕੀਤੀ ਗਈ । ਉਨ੍ਹਾ ਕਮੇਟੀ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰੇ। ਉਨ੍ਹਾ ਕਿਹਾ ਕਿ ਇਸ ਕਮੇਟੀ ਨੂੰ ਬਣਾਇਆਂ ਕਰੀਬ ਢਾਈ ਮਹੀਨੇ ਬੀਤ ਚੁੱਕੇ ਹਨ, ਪਰ ਇਸ ਦੀ ਕਾਰਗੁਜ਼ਾਰੀ ਢਿੱਲੀ ਹੈ। ਉਨ੍ਹਾ ਦੱਸਿਆ ਕਿ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਸਹਿਯੋਗ ਨਹੀਂ ਦੇ ਰਿਹਾ। ਉਨ੍ਹਾ ਸਪੱਸ਼ਟ ਕੀਤਾ ਕਿ ਇਸ ਕਮੇਟੀ ਨੂੰ ਆਪਣੇ ਪੱਧਰ ’ਤੇ ਭਰਤੀ ਸ਼ੁਰੂ ਕਰਨ ਲਈ ਕਿਹਾ ਗਿਆ ਸੀ। ਭਰਤੀ ਸੰਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਦੋ ਮੈਂਬਰਾਂ ਵੱਲੋਂ ਅਸਤੀਫੇ ਦਿੱਤੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾ ਕਿਹਾ ਕਿ ਕਮੇਟੀ ਦੇ ਕੋਆਰਡੀਨੇਟਰ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਆਇਆ ਹੈ, ਜਦੋਂ ਕਿ ਦੂਜੇ ਮੈਂਬਰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦਾ ਅਸਤੀਫਾ ਉਨ੍ਹਾ ਨੂੰ ਨਹੀਂ ਮਿਲਿਆ। ਉਨ੍ਹਾ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਰ ਕੇ ਵਿਚਾਰਿਆ ਜਾਵੇਗਾ। ਜੇ ਇਨ੍ਹਾਂ ਦੇ ਅਸਤੀਫੇ ਪ੍ਰਵਾਨ ਹੁੰਦੇ ਹਨ ਤਾਂ ਪੰਜ ਮੈਂਬਰਾਂ ਵਿੱਚੋਂ ਹੀ ਕੋਈ ਹੋਰ ਕੋਆਡੀਨੇਟਰ ਨਾਮਜ਼ਦ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਕਮੇਟੀ ਨੂੰ ਭਰਤੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਉਨ੍ਹਾ ਕਿਹਾ ਕਿ ਉਨ੍ਹਾ ਦੇ ਪਰਵਾਰ ਵਿੱਚ ਪੋਤਰਾ ਹੋਇਆ ਸੀ ਅਤੇ ਉਹ ਵਧਾਈ ਦੇਣ ਵਾਸਤੇ ਗਏ ਸਨ।
ਉਨ੍ਹਾ ਧਾਮੀ ਨੂੰ ਕਿਹਾ ਕਿ ਉਨ੍ਹਾ ਵਰਗੇ ਗੁਰਸਿੱਖ ਦੀ ਸਿੱਖ ਪੰਥ ਨੂੰ ਵੱਡੀ ਲੋੜ ਹੈ ਅਤੇ ਉਹ ਵਾਪਸ ਪਰਤ ਕੇ ਆਪਣਾ ਕੰਮਕਾਜ ਸ਼ੁਰੂ ਕਰਨ। ਉਨ੍ਹਾ ਕਿਹਾ ਕਿ ਐਡਵੋਕੇਟ ਧਾਮੀ ਗੁਰਸਿੱਖ, ਨੇਕ ਇਨਸਾਨ ਅਤੇ ਨਿਤਨੇਮੀ ਸ਼ਖਸੀਅਤ ਹਨ, ਜਿਨ੍ਹਾ ਦੀ ਪੰਥ ਨੂੰ ਵੱਡੀ ਲੋੜ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਉਨ੍ਹਾ ਕਿਹਾ ਕਿ ਉਹ ਹੁਣ ਸੁਤੰਤਰ ਹਨ।





