ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ 7 ਨੂੰ : ਮੰਨਣ

0
96

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਇਸ ਵੇਲੇ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖਤ ਅਤੇ ਅਕਾਲੀ ਦਲ ਵਿੱਚ ਪਏ ਖਿਲਾਰੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਕਰਨਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸੰਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸੰਬੰਧਤ ਵਿਚਾਰ ਹੋਵੇਗੀ। ਇਕੱਤਰਤਾ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਾਂਭੇ ਕਰਨ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ। ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਬਾਦਲ ਵੱਲੋਂ ਕੀਤੀ ਭਰਤੀ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਇਸ ਵੇਲੇ ਬਾਦਲ ਦਲ ਨਾਲ ਸੰਬੰਧਤ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਬੈਠੇ ਮੈਂਬਰ ਵੀ ਕਾਫੀ ਸਕਤੇ ਵਿੱਚ ਹਨ ਤੇ ਇਸ ਇਕੱਤਰਤਾ ਵਿੱਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।