ਮੁੰਬਈ : ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਭਿ੍ਰਸ਼ਟਾਚਾਰ ਰੋਕੂ ਬਿਊਰੋ (ਏ ਸੀ ਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨੇਮੀਆਂ ਦੇ ਦੋਸ਼ ਹੇਠ ਐੱਫ ਆਈ ਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਅਧਿਕਾਰੀ ਬੰਬੇ ਸਟਾਕ ਐਕਸਚੇਂਜ (ਬੀ ਐੱਸ ਈ) ਤੇ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨਾਲ ਸੰਬੰਧਤ ਹਨ।
ਵਿਸ਼ੇਸ਼ ਅਦਾਲਤ ਦੇ ਜੱਜ ਸ਼ਸ਼ੀਕਾਂਤ ਏਕਨਾਥਰਾਓ ਬਾਂਗੜ ਨੇ ਹੁਕਮਾਂ ਵਿਚ ਕਿਹਾ ਕਿ ਇਸ ਸੰਬੰਧੀ ਪਹਿਲੀ ਨਜ਼ਰੇ ਬੇਨੇਮੀਆਂ ਅਤੇ ਮਿਲੀਭੁਗਤ ਕਰਨ ਦਾ ਪਤਾ ਲੱਗਦਾ ਹੈ, ਜਿਸ ਲਈ ਨਿਰਪੱਖ ਜਾਂਚ ਦੀ ਲੋੜ ਹੈ। ਬੁਚ ਤੋਂ ਇਲਾਵਾ ਜਿਨ੍ਹਾਂ ਹੋਰ ਅਧਿਕਾਰੀਆਂ ਵਿਰੁੱਧ ਅਦਾਲਤ ਨੇ ਐੱਫ ਆਈ ਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ, ਉਨ੍ਹਾਂ ਵਿੱਚ ਬੀ ਐੱਸ ਈ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ ਈ ਓ ਸੁੰਦਰਰਾਮਨ ਰਾਮਾਮੂਰਤੀ, ਤੱਤਕਾਲੀ ਚੇਅਰਮੈਨ ਤੇ ਜਨਹਿਤ ਨਿਰਦੇਸ਼ਕ ਪ੍ਰਮੋਦ ਅਗਰਵਾਲ ਅਤੇ ਸੇਬੀ ਦੇ ਤਿੰਨ ਮੈਂਬਰ ਅਸ਼ਵਨੀ ਭਾਟੀਆ, ਅਨੰਤ ਨਰਾਇਣ ਅਤੇ ਕਮਲੇਸ਼ ਚੰਦਰ ਵਰਸ਼ਨੇ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਉਹ ਜਾਂਚ ਦੀ ਨਿਗਰਾਨੀ ਕਰੇਗੀ ਅਤੇ ਇਸ ਮਾਮਲੇ ਦੀ 30 ਦਿਨਾਂ ਦੇ ਅੰਦਰ ਰਿਪੋਰਟ ਸੌਂਪੀ ਜਾਵੇ। ਇਹ ਹੁਕਮ ਸਪਨ ਸ੍ਰੀਵਾਸਤਵ (47) ਦੀ ਸ਼ਿਕਾਇਤ ਤੋਂ ਬਾਅਦ ਦਿੱਤੇ ਗਏ ਹਨ। ਉਸ ਨੇ ਵੱਡੇ ਪੱਧਰ ’ਤੇ ਵਿੱਤੀ ਧੋਖਾਧੜੀ, ਰੈਗੂਲੇਟਰੀ ਉਲੰਘਣਾਵਾਂ ਅਤੇ ਭਿ੍ਰਸ਼ਟਾਚਾਰ ਦੇ ਅਪਰਾਧਾਂ ਦੀ ਜਾਂਚ ਦੀ ਮੰਗ ਕੀਤੀ ਸੀ।





