ਹੁਸ਼ਿਆਰਪੁਰ (ਓ ਪੀ ਰਾਣਾ,
ਬਲਬੀਰ ਸਿੰਘ ਸੈਣੀ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।ਐਤਵਾਰ ਜਹਾਨ ਖੇਲਾਂ ’ਚ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ ’ਤੇ ਹੈ, ਕਿਉਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ।ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਸ ਨੇ ਇਸ ਦੀ ਸਪਲਾਈ ਨੂੰ ਰੋਕਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਫੋਰਸ ਨੂੰ ਪੰਜਾਬ ਪੁਲਸ ਦੀ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਉਹਨਾ ਫੁੱਟ-ਪਾਊ ਤਾਕਤਾਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਏਨਾ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉਗੇਗਾ। ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬੀਆਂ ਵੱਲੋਂ ਪਿਆਰ, ਸਦਭਾਵਨਾ ਤੇ ਸ਼ਾਂਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਪੰਜਾਬ ਪੁਲਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ।





