ਜਲੰਧਰ : ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੁਰਅਮਨ ਧਰਨਾ ਦੇਣ ਲਈ ਪੰਜਾਬ ਸਰਕਾਰ ਕੋਲੋਂ ਚੰਡੀਗੜ੍ਹ ਵਿੱਚ ਢੁਕਵੀਂ ਥਾਂ ਦੇਣ ਲਈ ਲਗਾਤਾਰ ਕੀਤੀ ਜਾ ਰਹੀ ਮੰਗ ਪ੍ਰਵਾਨ ਕਰਨ ਦੀ ਬਜਾਏ ਉਲਟਾ ਪੰਜਾਬ ਭਰ ਵਿੱਚ ਕਿਸਾਨਾਂ ਦੀਆਂ ਗਿ੍ਰਫ਼ਤਾਰੀਆਂ ਕਰਨ, ਘਰਾਂ ਦੀਆਂ ਕੰਧਾਂ ਟੱਪ ਕੇ ਛਾਪੇਮਾਰੀ ਕਰਨ ਦੀ ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੁਰਜ਼ੋਰ ਨਿੰਦਾ ਕੀਤੀ ਹੈ।ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੰਨੇ ਨਵਾਂ ਖੇਤੀ ਅਤੇ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦਾ ਪੰਜਾਬ ਸਰਕਾਰ ਦਾ ਫੈਸਲਾ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ ਅਤੇ ਦੂਜੇ ਬੰਨੇ ਕਿਸਾਨ ਪ੍ਰਤੀਨਿਧਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਧਾਰਨ ਕੀਤੇ ਰਵੱਈਏ ਬਾਰੇ ਗੰਭੀਰਤਾ ਨਾਲ ਮੁੜ ਵਿਚਾਰ ਕੇ ਗੱਲਬਾਤ ਰਾਹੀਂ ਉਨ੍ਹਾਂ ਨੂੰ ਭਰੋਸੇ ਵਿੱਚ ਲੈ ਕੇ ਮਸਲੇ ਹੱਲ ਕਰਨ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ।ਦੇਸ਼ ਭਗਤ ਯਾਦਗਾਰ ਕਮੇਟੀ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।
ਗਿ੍ਰਫ਼ਤਾਰ ਕਿਸਾਨ ਆਗੂ ਅਤੇ ਵਰਕਰ ਰਿਹਾਅ ਕੀਤੇ ਜਾਣ। ਕਿਸਾਨਾਂ ਦਾ ਰੋਸ ਵਿਖਾਵੇ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਏ। ਚੰਡੀਗੜ੍ਹ ਵਿਖੇ ਕਿਸਾਨ ਧਰਨੇ ਲਈ ਢੁਕਵੀਂ ਥਾਂ ਦਿੱਤੀ ਜਾਏ।




