ਅਕਾਲ ਤਖ਼ਤ ਦੀ ਨਿਗਰਾਨ ਕਮੇਟੀ 18 ਤੋਂ ਭਰਤੀ ਮੁਹਿੰਮ ਚਲਾਏਗੀ

0
86

ਸ੍ਰੀ ਅੰਮਿ੍ਰਤਸਰ ਸਾਹਿਬ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਲੰਘੇ ਸਾਲ ਦੀ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਉਪਰੰਤ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਨੂੰ ਤਕੜਾ ਕਰਨ ਲਈ ਬਣਾਈ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵੱਲੋਂ ਮੰਗਲਵਾਰ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਨ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਕ ਐਲਾਨ ਕੀਤਾ। ਪੰਜ ਮੈਂਬਰੀ ਭਰਤੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਦਿ੍ਰੜ੍ਹਤਾ, ਵਚਨਬੱਧਤਾ, ਸਮਰਪਤ ਭਾਵਨਾ ਦਿਖਾਉਦਿਆਂ ਕਿਹਾ ਕਿ ਪੰਥ ਦੀ ਨੁਮਾਇੰਦਾ ਜਮਾਤ ਨੂੰ ਮਜ਼ਬੂਤ ਕਰਨ ਲਈ ਜਿਹੜੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਉਨ੍ਹਾਂ ਦੇ ਹਿੱਸੇ ਆਈ ਹੈ, ਉਸ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੜੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਪੂਰਾ ਕਰਨ ਲਈ ਪੂਰਨ ਤੌਰ ’ਤੇ ਤਿਆਰ ਹਨ।
ਭਰਤੀ ਕਮੇਟੀ ਨੇ ਦੱਸਿਆ ਕਿ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 18 ਮਾਰਚ ਨੂੰ ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਭਰਤੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਮੁਤਾਬਕ ਅਕਾਲੀ ਸੋਚ ਰੱਖਣ ਵਾਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਸਿੱਖ ਸੰਗਤ ਅਤੇ ਪੰਜਾਬੀਆਂ ਤੋਂ ਸਹਿਯੋਗ ਵੀ ਮੰਗਿਆ ਜਾਵੇਗਾ।ਭਰਤੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਪੰਜਾਬ ਤੱਕ ਹੀ ਭਰਤੀ ਲਈ ਮਹਿਦੂਦ ਨਹੀਂ, ਹੋਰ ਸੂਬਿਆਂ ਵਿੱਚੋਂ ਖਾਸ ਕਰਕੇ ਦੇਸ਼ ਦੀ ਰਾਜਧਾਨੀ ਤੋਂ ਵੀ ਵੱਡੀ ਪੱਧਰ ’ਤੇ ਭਰਤੀ ਕੀਤੀ ਜਾਂਦੀ ਹੈ, ਇਸ ਲਈ ਆਉਣ ਵਾਲੇ ਕੁਝ ਦਿਨਾਂ ਤੱਕ ਭਰਤੀ ਕਮੇਟੀ ਆਪਣਾ ਪੂਰਾ ਪ੍ਰੋਗਰਾਮ ਜਾਰੀ ਕਰੇਗੀ। ਭਰਤੀ ਬਿਨਾਂ ਕਿਸੇ ਧੜੇਬੰਦੀ ਜਾਂ ਵਿਅਕਤੀ ਵਿਸ਼ੇਸ਼ ਦੇ ਹਰੇਕ ਲਈ ਖੁੱਲ੍ਹੀ ਹੋਵੇਗੀ। ਭਰਤੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਭਰਤੀ ਲਈ ਅਰਦਾਸ ਕਰਨ ਉਪਰੰਤ ਮੈਂਬਰਸ਼ਿਪ ਲਈ ਕਾਪੀਆਂ ਛਪਾਉਣ ਲਈ ਮੁਢਲੀ ਰਾਇ ਕੀਤੀ ਗਈ ਹੈ, ਜਿਸ ਤਹਿਤ ਕਾਪੀਆਂ ਦੀ ਛਪਾਈ ਦਾ ਕੰਮ ਅਗਲੇ ਹਫਤੇ ਤੱਕ ਪੂਰਾ ਕਰ ਲਿਆ ਜਾਵੇਗਾ। ਭਰਤੀ ਕਮੇਟੀ ਮੈਂਬਰਾਂ ਨੇ ਸਮੁੱਚੇ ਅਕਾਲੀ ਧੜਿਆਂ ਨੂੰ ਅੱਗੇ ਆ ਕੇ ਇੱਕਮੁੱਠ ਹੋ ਕੇ ਭਰਤੀ ਕਰਨ ਦੀ ਮੁੜ ਪੁਰਜ਼ੋਰ ਅਪੀਲ ਕੀਤੀ। ਇਸ ਦੇ ਨਾਲ ਹੀ ਭਰਤੀ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਸਮੂਹ ਸੰਤ ਸਮਾਜ, ਸੰਪਰਦਾਵਾਂ ਦੇ ਮੁਖੀਆਂ, ਟਕਸਾਲਾਂ ਅਤੇ ਪੰਥਕ ਦਲਾਂ ਨੂੰ ਭਾਵੇਂ ਅਸੀ ਨਿੱਜੀ ਤੌਰ ’ਤੇ ਮਿਲ ਕੇ ਵੀ ਬੇਨਤੀ ਕਰਾਂਗੇ ਪਰ ਮੀਡੀਆ ਰਾਹੀਂ ਵੀ ਬੇਨਤੀ ਕਰਦੇ ਹਾਂ ਕਿ ਭਰਤੀ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਕਿਰਪਾਲਤਾ ਕਰਨ।
ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਇਸ ਕਮੇਟੀ ਦੇ ਮੈਂਬਰਾਂ ਵਜੋਂ ਅਸਤੀਫਾ ਦੇ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਚੁੱਕੀ ਭਰਤੀ ਸੰਬੰਧੀ ਸਵਾਲ ਦੇ ਜਵਾਬ ਵਿੱਚ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਕਮੇਟੀ ਵੱਲੋਂ ਹੁਣ ਤੱਕ ਭਰਤੀ ਨਹੀਂ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਕ ਇਸ ਕਮੇਟੀ ਵੱਲੋਂ ਨਵੀਂ ਭਰਤੀ 18 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਜਵਾਬ ਨਾਲ ਉਨ੍ਹਾ ਸ਼੍ਰੋਮਣੀ ਅਕਾਲੀ ਦਲ ਦੀ ਹੋ ਚੁੱਕੀ ਭਰਤੀ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।