ਅੰਮਿ੍ਰਤਸਰ : ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੁੱਧਵਾਰ ਅੰਮਿ੍ਰਤਸਰ ਜ਼ਿਲ੍ਹਾ ਦਿਹਾਤੀ ਪੁਲਸ ਨੇ ਜੰਡਿਆਲਾ ਹਲਕੇ ਦੇ ਪਿੰਡ ਦੇਵੀਦਾਸਪੁਰਾ ਵਿੱਚੋਂ 23 ਕਿੱਲੋ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸੰਬੰਧ ਅਮਰੀਕਾ ਅਧਾਰਤ ਤਸਕਰ ਜਸਮੀਤ ਸਿੰਘ ਉਰਫ ਲੱਕੀ ਨਾਲ ਜੁੜਿਆ ਹੋਇਆ ਹੈ। ਉਸ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ। ਡੀ ਆਈ ਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਸ ਨੇ ਸਾਹਿਲਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਦੇਵੀਦਾਸਪੁਰਾ ਨੂੰ ਨਾਮਜ਼ਦ ਕੀਤਾ ਹੈ, ਜੋ ਕਿ ਫਿਲਹਾਲ ਭੱਜਿਆ ਹੋਇਆ ਹੈ। ਉਨ੍ਹਾ ਦੱਸਿਆ ਕਿ ਸੂਹ ਦੇ ਆਧਾਰ ’ਤੇ ਐੱਸ ਐੱਸ ਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੇ ਉਸ ਦੇ ਘਰ ਵਿੱਚੋਂ 23 ਕਿਲੋ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ। ਅਮਰੀਕਾ ਵਿੱਚ ਬੈਠਾ ਲੱਕੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜਿਸ ਨੂੰ ਪ੍ਰਾਪਤ ਕਰਕੇ ਅਗਾਂਹ ਸਪਲਾਈ ਕਰਨ ਦਾ ਕੰਮ ਸਾਹਿਲਪ੍ਰੀਤ ਵੱਲੋਂ ਕੀਤਾ ਜਾ ਰਿਹਾ ਸੀ। ਉਸ ਵੱਲੋਂ ਹੀ ਰਕਮ ਇਕੱਠੀ ਕਰਕੇ ਅਗਾਂਹ ਭੇਜੀ ਜਾਂਦੀ ਸੀ।




