ਰੂਪਨਗਰ : ਚਮਕੌਰ ਸਾਹਿਬ ਇਲਾਕੇ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਮੁਲਜ਼ਮ ਸਰਪੰਚ ਹਰਵਿੰਦਰ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਬੁੱਧਵਾਰ ਰੂਪਨਗਰ-ਚੰਡੀਗੜ੍ਹ ਮਾਰਗ ’ਤੇ ਪਿੰਡ ਸਿੰਘ ਭਗਵੰਤਪੁਰ ਵਿਖੇ ਕੌਮੀ ਮਾਰਗ ਜਾਮ ਕਰ ਦਿੱਤਾ। ਧਰਨੇ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੇ ਨਾਲ-ਨਾਲ ਚਮਕੌਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਐੱਮ ਸੀ ਸੁਖਵੀਰ ਸਿੰਘ ਵੀ ਸ਼ਾਮਲ ਹੋਏ। ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਮੁਲਜ਼ਮ ਨੂੰ ਦੋ ਦਿਨਾਂ ਵਿਚ ਗਿ੍ਰਫਤਾਰ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਮੁਜ਼ਾਹਰਾਕਾਰੀਆਂ ਨੇ ਮੁਲਜ਼ਮ ਨੂੰ 4 ਦਿਨਾਂ ’ਚ ਫੜਨ ਦਾ ਅਲਟੀਮੇਟਮ ਦਿੰਦਿਆਂ ਧਰਨਾ ਚੁੱਕ ਲਿਆ।




