ਚੰਡੀਗੜ੍ਹ, (ਗੁਰਜੀਤ ਬਿੱਲਾ)
ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ, ਜੋ ਸਹਿਕਾਰਤਾ, ਸਿਹਤ ਤੇ ਪਰਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ।
ਮੁੱਖ ਮੰਤਰੀ ਨੇ ਕਿਹਾਮੈਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ, ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਹਨਾ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਸੂਬਾ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਸੂਬੇ ਵਿੱਚ ਪਹਿਲਾਂ ਹੀ ਵਤਨ ਵਾਪਸੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਹੀ ਸਖ਼ਤ ਮਿਹਨਤ ਕਰਕੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।




