ਅੰਮਿ੍ਰਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਤੋਂ ਵੀਰਵਾਰ ਇਨਕਾਰ ਕਰ ਦਿੱਤਾ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ ਨੂੰ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿੱਚ ਉਨ੍ਹਾ ਦੇ ਅਸਤੀਫੇ ਸੰਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੀ ਮੀਟਿੰਗ ਵਿੱਚ ਧਾਮੀ ਦੇ ਅਸਤੀਫੇ ਸੰਬੰਧੀ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾ ਦੇ ਗ੍ਰਹਿ ਵਿਖੇ ਲੱਗਭੱਗ ਇੱਕ ਘੰਟਾ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ਅਤੇ ਇਸ ਦੌਰਾਨ ਉਨ੍ਹਾ ਜਥੇਦਾਰ ਨਾਲ ਗੈਰ-ਰਸਮੀ ਮੁਲਾਕਾਤ ਕੀਤੀਆਂ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲੈਣਗੇ। ਜੇ ਅੰਤਰਿੰਗ ਕਮੇਟੀ ਅਸਤੀਫਾ ਪ੍ਰਵਾਨ ਨਹੀਂ ਕਰਦੀ ਤਾਂ ਫਿਰ ਉਸ ਤੋਂ ਬਾਅਦ ਸੋਚਣਗੇ, ਪਰ ਇੱਕ ਗੱਲ ਪੱਕੀ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਮਾਮਲੇ ਦੇ ਜਾਰੀ ਵਿਵਾਦ ਬਾਰੇ ਉਨ੍ਹਾ ਕਿਹਾ ਕਿ ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ।




