ਮੁਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ, ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।ਸਿਟੀ ਸਰਵੀਲੈਂਸ ਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ ਜ਼ਬਤ ਕੀਤਾ ਜਾ ਰਿਹਾ ਹੈ। ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚ ਇਸ ਅਲਾਮਤ ਦਾ ਇੱਕ ਕਿਣਕਾ ਵੀ ਮੌਜੂਦ ਹੈ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦਾ ਮੌਕਾ ਹੈ ਕਿ ਸਿਟੀ ਸਰਵੀਲੈਂਸ ਤੇ ਮੈਨੇਜਮੈਂਟ ਸਕੀਮ ਮੁਹਾਲੀ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਜਲਦੀ ਹੀ ਇਸ ਸਕੀਮ ਨੂੰ ਸੂਬੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।