ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜਲੰਧਰ ਸ਼ਹਿਰ ਲਈ 526 ਕਰੋੜ ਰੁਪਏ ਦੇ ਲਾਗਤ ਵਾਲੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਵੇਲੇ ਅਧਿਕਾਰੀਆਂ ਨੂੰ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ, ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਵੀ ਭਰਪੂਰ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ’ਚ ਵੀ ਸੁਧਾਰ ਆਵੇਗਾ, ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ ਓ ’ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਨਿੱਝਰ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰਾਂ ਵਿਚ ਸਟੋਰੇਜ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।