ਅੰਮਿ੍ਰਤਸਰ, (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ੁੱਕਰਵਾਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ। ਉਂਜ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿੱਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਚੇਤੇ ਰਹੇ ਕਿ ਪੰਥਕ ਸਿਆਸਤ ਵਿਚ ਮਚੇ ਘਮਸਾਨ ਦਰਮਿਆਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਸੇਵਾ-ਮੁਕਤ ਕਰ ਦਿੱਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੁੜ ਪੈਂਡਿੰਗ ਕਰਨ ਦੇ ਨਾਲ-ਨਾਲ ਕਈ ਹੋਰ ਪੰਥਕ ਮਸਲਿਆਂ ਉੱਤੇ ਵੀ ਫ਼ੈਸਲੇ ਲਏ ਗਏ।
ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਵਿਚਾਰ-ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ-ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ, ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ ਅਤੇ ਉਦੋਂ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਸੇਵਾਵਾਂ ਨਿਭਾਉਗੇ।
ਰਘੂਜੀਤ ਸਿੰਘ ਨੇ ਅੰਤਿ੍ਰੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਮਤੇ ਦੇ ਹਵਾਲੇ ਨਾਲ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਸਾਜਿਆ ਮੀਰੀ ਪੀਰੀ ਦਾ ਮਹਾਨ ਤਖ਼ਤ ਹੈ ਅਤੇ ਦੁਨੀਆ ਭਰ ਵਿੱਚ ਬੈਠਾ ਹਰ ਸਿੱਖ ਇਸ ਸਿਧਾਂਤ ਨੂੰ ਸਮਰਪਿਤ ਅਤੇ ਨਤਮਸਤਕ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਸਿੱਖਾਂ ਦੀ ਸਿਰਮੌਰ ਧਾਰਮਕ ਸੰਸਥਾ ਹੈ, ਜਿਸ ਦੀ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਕੋਸ਼ਿਸ਼ ਰਹੀ ਹੈ ਕਿ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਸਿੱਖ ਸੰਸਥਾਵਾਂ ਦੀ ਸੁਚੱਜੀ ਸੇਵਾ-ਸੰਭਾਲ ਕੀਤੀ ਜਾਵੇ, ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ, ਗੁਰੂ ਇਤਿਹਾਸ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਅਤੇ ਸਮੁੱਚੀ ਮਾਨਵਤਾ ਤੱਕ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ।
ਉਨ੍ਹਾ ਕਿਹਾ ਕਿ ਮੀਰੀ ਪੀਰੀ ਦੇ ਮਹਾਨ ਤਖ਼ਤ ਨੂੰ ਸੀਸ ਝੁਕਾਉਦਿਆਂ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਸਨਮੁਖ ਮੌਜੂਦਾ ਪ੍ਰਸਥਿਤੀਆਂ ਉੱਤੇ ਨਜ਼ਰ ਮਾਰਦਿਆਂ ਇਹ ਇੱਕ ਪ੍ਰਤੱਖ ਨਜ਼ਰੀਆ ਹੈ ਕਿ ਵਿਸ਼ਵੀਕਰਨ ਦੇ ਇਸ ਦੌਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਕੌਮ ਦਾ ਮਾਰਗਦਰਸ਼ਨ ਕਰਨ ਅਤੇ ਸੁਯੋਗ ਅਗਵਾਈ ਦੇਣ ਵਿੱਚ ਅਸਮਰਥ ਦਿਖਾਈ ਦੇ ਰਹੇ ਹਨ। ਵੱਖ-ਵੱਖ ਸੰਸਥਾਵਾਂ ਵਿੱਚ ਵਖਰੇਵੇਂ, ਪਾੜੇ ਤੇ ਵੰਡੀਆਂ ਵਧ ਰਹੀਆਂ ਹਨ। ਵਿਸ਼ਵ ਭਰ ਵਿੱਚ ਸਿੱਖ ਪਹਿਚਾਣ ਖ਼ਤਰੇ ਵਿੱਚ ਹੈ। ਦੇਸ਼ ਭਰ ਵਿੱਚ ਵੀ ਸਿੱਖ ਸੰਸਥਾਵਾਂ ਦੀ ਹੋਂਦ ਨੂੰ ਖੋਰਾ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ, ਏਜੰਸੀਆਂ ਪੱਬਾਂ ਭਾਰ ਹਨ, ਪਰ ਅਜਿਹੇ ਨਾਜ਼ੁਕ ਸਮੇਂ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਜਥੇਦਾਰ ਸਾਹਿਬ ਅਜਿਹੇ ਹਾਲਾਤ ਪੈਦਾ ਕਰ ਰਹੇ ਹਨ, ਜਿਸ ਨਾਲ ਪੰਥਕ ਸ਼ਕਤੀ ਖੇਰੂੰ-ਖੇਰੰੂ ਹੋ ਰਹੀ ਹੈ।
ਉਨ੍ਹਾ ਕਿਹਾ ਕਿ ਇੱਕ ਵੱਡੇ ਸਤਿਕਾਰਤ ਅਹੁਦੇ ’ਤੇ ਬਿਰਾਜਮਾਨ ਹੁੰਦੇ ਹੋਏ ਆਪਣੇ ਹੱਠ ਭਰੇ ਵਿਹਾਰ ਕਰਕੇ ਅਤੇ ਆਪਣੇ ਕੀਤੇ ਬਚਨਾਂ ਉੱਤੇ ਨਾ ਖੜ੍ਹਨ ਕਰਕੇ ਅਤੇ ਵਾਰ-ਵਾਰ ਬਿਆਨ ਬਦਲ ਕਿ ਉਹਨਾ ਨਾ ਸਿਰਫ਼ ਹਾਸੋਹੀਣੀ ਸਥਿਤੀ ਪੈਦਾ ਕੀਤੀ ਹੈ, ਬਲਕਿ ਉਹਨਾ ਦੀ ਇਸ ਕਾਰਜਸ਼ੈਲੀ ਨੇ ਜਥੇਦਾਰ ਦੇ ਵਕਾਰੀ ਅਹੁਦੇ ਦੀ ਮਾਣ-ਮਰਿਆਦਾ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ। ਅੱਜ ਇਹ ਸਮਝਣਾ ਮੁਸ਼ਕਲ ਹੋ ਗਿਆ ਹੈ ਕਿ ਉਹਨਾ ਦੇ ਕਿਹੜੇ ਬਿਆਨ ਉੱਤੇ ਭਰੋਸਾ ਕੀਤਾ ਜਾਵੇ। ਸਥਿਤੀ ਬੇਹੱਦ ਨਿਰਾਸ਼ਾਜਨਕ ਹੈ।
ਰਘੂਜੀਤ ਸਿੰਘ ਨੇ ਕਿਹਾ ਕਿ ਸੰਗਤਾਂ ਦੇ ਮਨਾਂ ਵਿੱਚ ਇਸ ਗੱਲ ਨੂੰ ਲੈ ਕੇ ਵੀ ਭਾਰੀ ਨਿਰਾਸ਼ਾ ਹੈ ਕਿ ਜਥੇਦਾਰ ਸਾਹਿਬ ਵੱਲੋਂ ਦੁਨੀਆ ਭਰ ਵਿੱਚ ਮਰਿਆਦਾ ਤੇ ਪੰਥਕ ਘਾਣ ਦੀਆਂ ਵਾਪਰ ਰਹੀਆਂ ਬੇਹੱਦ ਗੰਭੀਰ ਦਰਦਨਾਕ ਘਟਨਾਵਾਂ ਉੱਪਰ ਖਮੋਸ਼ੀ ਧਾਰ ਲੈਣੀ ਅਤੇ ਬਣਦੇ ਫਰਜ਼ ਅਦਾ ਨਾ ਕਰਨੇ ਵੀ ਜ਼ਿੰਮੇਵਾਰੀ ਤੋਂ ਭੱਜਣ ਵਾਲੀ ਗੱਲ ਹੈ। ਉਨ੍ਹਾ ਦੱਸਿਆਂ ਕਿ ਅੰਤਿ੍ਰੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਕਮੀਆਂ, ਬੇਨਿਯਮੀਆਂ ਤੇ ਮਰਿਆਦਾ ਦੇ ਉਲੰਘਣ ਦੇ ਮੱਦੇਨਜ਼ਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਸੇਵਾ-ਮੁਕਤ ਕੀਤਾ ਜਾਵੇ।
ਰਘੂਜੀਤ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਸਾਲਾਨਾ ਬਜਟ ਅਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਆਦਿ ਦਾ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ।
ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤਿ੍ਰੰਗ ਮੈਂਬਰ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸ਼ਾਮਲ ਹੋਏ।ਇਕੱਤਰਤਾ ਵਿੱਚ ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਕਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੀ ਮੌਜੂਦ ਸਨ।





