ਮੁੱਲਾਂਪੁਰ ਗਰੀਬਦਾਸ/ਕੁਰਾਲੀ (ਗੁਰਜੀਤ ਬਿੱਲਾ, ਮੋਹਣ ਲਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਬਾਅਦ ਦੁਪਹਿਰ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬ ਦਾਸ) ਵਿਖੇ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਪ੍ਰਾਪਤ ਅਤੇ 660 ਕਰੋੜ ਰੁਪਏ ਨਾਲ ਬਣਾਏ ਗਏ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਨੂੰ ਦੇਸ਼ ਨੂੰ ਸਮਰਪਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁਝ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।
30 ਦਸੰਬਰ 2013 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ। ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਕਰੀਬ 9 ਸਾਲਾਂ ਵਿਚ ਬਣ ਕੇ ਤਿਆਰ ਹੋਇਆ ਹਸਪਤਾਲ ਤਕਰੀਬਨ 51 ਏਕੜ ਜ਼ਮੀਨ ਵਿਚ ਬਣਾਇਆ ਗਿਆ ਹੈ। ਹਸਪਤਾਲ ਵਿਚ 300 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਹਸਪਤਾਲ ਕੈਂਸਰ ਦੇ ਹਰ ਤਰ੍ਹਾਂ ਦੇ ਇਲਾਜ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇੱਥੇ ਸਰਜਰੀ, ਰੇਡੀਓ ਥੈਰੇਪੀ ਅਤੇ ਮੈਡੀਕਲ ਔਨਕੋਲੋਜੀ- ਕੀਮੋਥੈਰੇਪੀ, ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟਰਾਂਸਪਲਾਂਟ ਦੀ ਸੁਵਿਧਾ ਉਪਲੱਬਧ ਹੋਵੇਗੀ। ਸੰਗਰੂਰ ਵਿਚ 100 ਬਿਸਤਰਿਆਂ ਵਾਲਾ ਹਸਪਤਾਲ ਇਸ ਦੀ ‘ਸ਼ਾਖਾ’ ਦੇ ਰੂਪ ਵਿਚ ਕਾਰਜ ਕਰੇਗਾ।
ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੈਲਥ ਸੈਕਟਰ ਵਿਚ ਜਿੰਨਾ ਕੰਮ 7-8 ਸਾਲਾਂ ਵਿਚ ਹੋਇਆ ਹੈ, ਪਿਛਲੇ 70 ਸਾਲਾਂ ਵਿਚ ਨਹੀਂ ਹੋਇਆ। 2014 ਤੋਂ ਪਹਿਲਾਂ 400 ਤੋਂ ਵੀ ਘੱਟ ਮੈਡੀਕਲ ਕਾਲਜ ਸਨ ਤੇ 8 ਸਾਲਾਂ ਵਿਚ 200 ਤੋਂ ਵੱਧ ਬਣਾਏ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂਅ ਲੈਣ ਤੋਂ ਵੀ ਡਰ ਲੱਗਦਾ ਹੈ, ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ, ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਮਾਨ ਨੇ ਕਿਹਾ ਕਿ ਕੇਂਦਰ ਨਾ ਸਿਰਫ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।
ਇਸ ਤੋਂ ਪਹਿਲਾਂ ਮੋਦੀ ਨੇ ਫਰੀਦਾਬਾਦ ਵਿਚ 6000 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਵਾਲੇ 133 ਏਕੜ ਵਿਚ ਫੈਲੇ 2600 ਬਿਸਤਰਿਆਂ ਵਾਲੇ ਅੰਮਿ੍ਰਤਾ ਹਸਪਤਾਲ ਦਾ ਉਦਘਾਟਨ ਕੀਤਾ।
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਹਸਪਤਾਲ ਦਾ ਪ੍ਰਬੰਧ ਮਾਤਾ ਅੰਮਿ੍ਰਤਾਨੰਦਮਈ ਮੱਠ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਕਈ ਹਸਤੀਆਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਮਾਤਾ ਅੰਮਿ੍ਰਤਾਨੰਦਮਈ ਤੋਂ ਆਸ਼ੀਰਵਾਦ ਵੀ ਲਿਆ।