ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ ’ਤੇ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੂੰ ਨੋਟਿਸ ਜਾਰੀ ਕੀਤਾ ਹੈ। ਰਾਸ਼ਿਦ ਨੇ ਚੱਲ ਰਹੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਹਾਈ ਕੋਰਟ ਨੇ ਐੱਨ ਆਈ ਏ ਨੂੰ ਇਹ ਵੀ ਕਿਹਾ ਹੈ ਕਿ ਜੇ ਪਟੀਸ਼ਨ ’ਤੇ ਕੋਈ ਇਤਰਾਜ਼ ਹੈ ਤਾਂ ਉਹ ਹਲਫਨਾਮਾ ਦਾਇਰ ਕਰੇ। ਜਸਟਿਸ ਪ੍ਰਤਿਬਾ ਐੱਮ ਸਿੰਘ ਅਤੇ ਜਸਟਿਸ ਰਜਨੀਸ਼ ਕੁਮਾਰ ਗੁਪਤਾ ਦੀ ਡਵੀਜ਼ਨ ਬੈਂਚ ਨੇ ਐੱਨ ਆਈ ਏ ਨੂੰ ਨੋਟਿਸ ਜਾਰੀ ਕਰਕੇ ਅਗਲੀ ਸੁਣਵਾਈ 18 ਮਾਰਚ ਪਾਈ ਹੈ। ਰਾਸ਼ਿਦ ਦੇ ਵਕੀਲ ਐੱਨ ਹਰੀਹਰਨ ਨੇ ਦਲੀਲ ਦਿੱਤੀ ਕਿ ਉਹ ਚੱਲ ਰਹੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗ ਰਹੇ ਹਨ। ਇਸ ਤੋਂ ਪਹਿਲਾਂ ਫਰਵਰੀ 2025 ਵਿੱਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਰਾਸ਼ਿਦ ਨੂੰ ਦੋ ਦਿਨਾਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ। ਐੱਨ ਆਈ ਏ ਦੇ ਵਿਸ਼ੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਨੋਟਿਸ ਜਾਰੀ ਕਰਨ ਅਤੇ ਜਵਾਬ ਦਾਇਰ ਕਰਨ ਲਈ ਕੁਝ ਸਮਾਂ ਦੇਣ ਦੀ ਅਪੀਲ ਕੀਤੀ। ਬੈਂਚ ਨੇ ਉਸ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਜੇ ਸੈਸ਼ਨ ਖਤਮ ਹੋ ਜਾਂਦਾ ਹੈ ਤਾਂ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਕੀ ਫਾਇਦਾ।