ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਮਵਾਰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਪ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ। ਇਸ ਤੋਂ ਬਾਅਦ ਮੈਂਬਰ ਧਾਮੀ ਨੂੰ ਮਨਾਉਣ ਲਈ ਹੁਸ਼ਿਆਰਪੁਰ ਰਵਾਨਾ ਹੋ ਗਏ। ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ, ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ, ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। ਵਿਰਕ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਆਰੰਭੀ ਜਾਵੇਗੀ, ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਆਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮਿ੍ਰਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮਿ੍ਰਤਪਾਨ ਕਰਵਾਇਆ ਜਾਵੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮਿ੍ਰਤ ਸੰਚਾਰ ਕੀਤਾ ਜਾਵੇਗਾ। ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾਂ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।




