ਕਿਸਾਨ ਆਗੂ ਸਰਕਾਰ ਵੱਲੋਂ ਸੱਦੀ ਮੀਟਿੰਗ ’ਚ ਨਹੀਂ ਗਏ

0
29

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਨੇ ਸ਼ੁੱਕਰਵਾਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਨਾ ਜਾਣ ਦਾ ਫੈਸਲਾ ਕੀਤਾ। ਕਿਸਾਨ ਭਵਨ ਚੰਡੀਗੜ੍ਹ ਵਿਖੇ ਵਿਚਾਰ-ਵਟਾਂਦਰੇ ਤੋਂ ਬਾਅਦ ਕਿਸਾਨ ਆਗੂਆਂ ਰੁਲਦੂ ਸਿੰਘ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਨਾ ਸ਼ਾਮਲ ਹੋਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਸੱਦੀ ਗਈ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਸੀ। ਐੱਸ ਕੇ ਅੱੈਮ ਦੀ ਮੀਟਿੰਗ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਤੋਂ ਪਹਿਲਾਂ ਮਾਹੌਲ ਨੂੰ ਸੁਖਾਵਾਂ ਬਣਾਵੇ। ਸੁਖਾਵੇਂ ਮਾਹੌਲ ਤੋਂ ਬਾਅਦ ਹੀ ਮੀਟਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਜਬਰ ਦੇ ਵਿਰੋਧ ਵਿੱਚ 28 ਮਾਰਚ ਨੂੰ ਪੰਜਾਬ ਭਰ ਵਿੱਚ ਜਬਰ ਵਿਰੋਧੀ ਦਿਵਸ ਮਨਾਇਆ ਜਾਵੇਗਾ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਵੱਲ ਕੀਤਾ ਜਾਣ ਵਾਲਾ ਮਾਰਚ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚੇ ਨੇ ਸਾਰੇ ਫੜੇ ਹੋਏ ਕਿਸਾਨਾਂ ਨੂੰ ਫੌਰੀ ਰਿਹਾਅ ਕਰਨ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਣਕਾਰੀ ਸਾਂਝੀ ਕਰਨ ਲਈ ਵੀ ਸਰਕਾਰ ਨੂੰ ਕਿਹਾ ਹੈ।