ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਸੰਸਦੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਸਿਖਰਲੀ ਲੀਡਰਸ਼ਿਪ ਨੂੰ ਤਿੰਨ ਮੁੱਖ ਰਾਜਾਂ ਪੰਜਾਬ, ਗੁਜਰਾਤ ਤੇ ਗੋਆ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ। ਗੋਪਾਲ ਰਾਏ ਦੀ ਥਾਂ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਮੁਖੀ ਬਣਾਇਆ ਗਿਆ ਹੈ। ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਉਹ ਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ‘ਆਪ’ ਦੀ ਪੰਜਾਬ ਇਕਾਈ ਦੇ ਕੰਮ ਦੀ ਨਿਗਰਾਨੀ ਕਰਨਗੇ। ਉਹ ਸੰਗਠਨਾਤਮਕ ਕੰਮ ਨੂੰ ਸੰਭਾਲਣਗੇ ਅਤੇ ਕੇਂਦਰੀ ਲੀਡਰਸ਼ਿਪ ਵੱਲੋਂ ਨਿਰਧਾਰਤ ਟੀਚਿਆਂ ਨੂੰ ਲਾਗੂ ਕਰਨ ਵਿੱਚ ਸੂਬਾ ਕਨਵੀਨਰ ਅਤੇ ਅਹੁਦੇਦਾਰਾਂ ਦੀ ਮਦਦ ਕਰਨਗੇ। ਇਸ ਤੋਂ ਇਲਾਵਾ ਸਿਸੋਦੀਆ ‘ਆਪ’ ਦੇ ਵਾਅਦਿਆਂ ਨੂੰ ਲਾਗੂ ਕਰਨ ਤੇ ਪੰਜਾਬ ਸਰਕਾਰ ਵੱਲੋਂ ਮੁੱਖ ਏਜੰਡਿਆਂ ਦੀ ਪੂਰਤੀ ’ਤੇ ਵੀ ਨਜ਼ਰ ਰੱਖਣਗੇ।
ਇੰਚਾਰਜ ਵਜੋਂ ਉਹ ‘ਆਪ’ ਹਾਈ ਕਮਾਂਡ ਅਤੇ ਪੰਜਾਬ ਯੂਨਿਟ ਦਰਮਿਆਨ ਪੁਲ ਦਾ ਕੰਮ ਕਰਨਗੇ। ਸੂਤਰਾਂ ਨੇ ਕਿਹਾ ਕਿ ਸਿਸੋਦੀਆ ਅਤੇ ਜੈਨ ਦੋਵੇਂ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਵਿੱਚ ਵਧੇਰੇ ਸਰਗਰਮ ਦਿਖਾਈ ਦੇਣਗੇ। ਦੋਵੇਂ ਸੰਗਠਨਾਤਮਕ ਕੰਮ ਤੋਂ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਸਿਹਤ ਅਤੇ ਸਿੱਖਿਆ ਖੇਤਰ ਦੀ ਕਾਇਆਕਲਪ ਤੇ ਮਜ਼ਬੂਤੀ ਵਿੱਚ ਸਹਾਇਤਾ ਦੇ ਨਾਲ ‘ਪੰਜਾਬ ਮਾਡਲ’ ਬਣਾਉਣ ਵਿੱਚ ਮਦਦ ਕਰਨਗੇ।



