ਮਾਨ ਵੱਲੋਂ ਕੁੜੀਆਂ ਨੂੰ ਸਰਗਰਮ ਸਿਆਸਤ ’ਚ ਆਉਣ ਦਾ ਸੱਦਾ

0
11

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੜੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਤੇ ਲੋੜੀਂਦੇ ਬਦਲਾਅ ਲਿਆ ਸਕਣ।
ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਮੰਗਲਵਾਰ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ, ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ, ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਦਦ ਕਰੇਗਾ। ਉਨ੍ਹਾ ਕਿਹਾ ਕਿ ਔਰਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੀ ਵੋਟ ਵਿਧਾਨ ਸਭਾ ਅਤੇ ਸੰਸਦ ਵਿੱਚ ਸਹੀ ਆਗੂਆਂ ਨੂੰ ਭੇਜ ਸਕੇ। ਇਸ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਅਤੇ ਖ਼ੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਅਹਿਮ ਸਥਾਨ ਬਣਾਉਣਗੀਆਂ। ਉਨ੍ਹਾ ਕਿਹਾ ਕਿ ਕੁੜੀਆਂ ਖੁਸ਼ਕਿਸਮਤ ਹਨ ਕਿ ਉਨ੍ਹਾਂ ਕੋਲ ਸੁਮਨ ਲਤਾ ਵਰਗੀ ਗਤੀਸ਼ੀਲ ਪਿ੍ਰੰਸੀਪਲ ਹੈ, ਜੋ ਉਨ੍ਹਾਂ ਦੇ ਕੈਰੀਅਰ ਨੂੰ ਵਧੀਆ ਢੰਗ ਨਾਲ ਤਿਆਰ ਕਰ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਯਤਨ ਕੀਤੇ ਹਨ। ਉਨ੍ਹਾ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਛੇ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਸ ਨਿਯੁਕਤ ਕੀਤਾ ਹੈ। ਉਹਨਾ ਕਿਹਾ ਕਿ 18 ਮਹਿਲਾ ਅਧਿਕਾਰੀਆਂ ਨੂੰ ਏ ਡੀ ਸੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਕਿਸੇ ਵੀ ਸਰਕਾਰ ਦੁਆਰਾ ਇਨ੍ਹਾਂ ਵੱਕਾਰੀ ਅਹੁਦਿਆਂ ’ਤੇ ਤਾਇਨਾਤ ਔਰਤਾਂ ਦੀ ਸਭ ਤੋਂ ਵੱਧ ਗਿਣਤੀ ਹੈ।
ਉਹਨਾ ਦੁਹਰਾਇਆ ਕਿ ਸਧਾਰਨ ਪਰਵਾਰ ਵਿੱਚੋਂ ਹੋਣ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ। ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਇਹ ਆਗੂ ਸ਼ਾਸਨ ਉਤੇ ਆਪਣਾ ਇਲਾਹੀ ਅਧਿਕਾਰ ਸਮਝਦੇ ਸਨ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ, ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।