ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਧੰਨਵਾਦ ਕੀਤਾ।
ਚੀਮਾ ਨੇ ਆਪਣਾ ਭਾਸ਼ਣ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਯਾਦ ਕਰਦਿਆਂ ਸ਼ੁਰੂ ਕੀਤਾ। ਉਨ੍ਹਾ ਮਾਣ ਨਾਲ ਐਲਾਨ ਕੀਤਾ ਕਿ ਇਹ ਵਾਅਦਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਤਿੰਨ ਮਹੀਨਿਆਂ ਵਿੱਚ ਹੀ ਪੂਰਾ ਹੋ ਗਿਆ ਹੈ, ਜਿਸ ਨਾਲ 90 ਫ਼ੀਸਦ ਘਰੇਲੂ ਬਿਜਲੀ ਖਪਤਕਾਰਾਂ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ। ਉਨ੍ਹਾ ਗੋਇੰਦਵਾਲ ਸਾਹਿਬ ਵਿਖੇ 6000 ਕਰੋੜ ਰੁਪਏ ਦੇ ਨਿੱਜੀ ਥਰਮਲ ਪਲਾਂਟ ਨੂੰ ਸਿਰਫ਼ 1080 ਕਰੋੜ ਰੁਪਏ ਵਿੱਚ ਹਾਸਲ ਕਰਨ ਦੇ ਸਰਕਾਰ ਦੇ ਇਤਿਹਾਸਕ ਫੈਸਲੇ ’ਤੇ ਵੀ ਚਾਨਣਾ ਪਾਇਆ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਕਿਸੇ ਨਿੱਜੀ ਕੰਪਨੀ ਨੂੰ ਖਰੀਦਿਆ ਗਿਆ ਹੈ।
ਚੀਮਾ ਨੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਾਕ-ਆਊਟ ਦੀ ਆਲੋਚਨਾ ਕੀਤੀ ਅਤੇ ਵਾਕ-ਆਊਟ ਦਾ ਕਾਰਨ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੱਡੇ ਗਏ 9000 ਕਰੋੜ ਰੁਪਏ ਦੇ ਸਬਸਿਡੀ ਬਕਾਏ ਨੂੰ ਹਾਸਲ ਕਰਨ ਵਿੱਚ ਮੌਜੂਦਾ ਸਰਕਾਰ ਦੀ ਸਫਲਤਾ ਨੂੰ ਹਜ਼ਮ ਕਰਨ ਵਿੱਚ ਉਨ੍ਹਾਂ ਦੀ ਅਸਮਰੱਥਾ ਨੂੰ ਦੱਸਿਆ।
ਚੀਮਾ ਨੇ 90,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਸਰਕਾਰ ਦੀ ਸਫਲਤਾ ਨੂੰ ਵੀ ਉਜਾਗਰ ਕੀਤਾ ਅਤੇ ਇਸ ਦਾ ਸਿਹਰਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਵਿੱਚ ਕੀਤੇ ਸੁਧਾਰ ਨੂੰ ਦਿੱਤਾ। ਉਨ੍ਹਾ ਕਾਂਗਰਸ ਦੇ ਸ਼ਾਸਨ ਦੌਰਾਨ ਵਧਣ-ਫੁੱਲਣ ਵਾਲੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਥਾਪਤ ਕੀਤੀ ਗਈ ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਜਨਮ ਦਿੱਤਾ ਅਤੇ ਦੂਜੇ ਸੂਬਿਆਂ ਤੋਂ ਗੈਂਗਸਟਰਾਂ ਨੂੰ ਲਿਆ ਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖਿਆ ਜਾਂਦਾ ਸੀ।
ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੁੱਦੇ ’ਤੇ ਗੱਲ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਵਿਆਪਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜੰਗ ਦੌਰਾਨ ਹੁਣ ਤੱਕ 2200 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 3800 ਗਿ੍ਰਫ਼ਤਾਰੀਆਂ ਹੋਈਆਂ ਹਨ ਅਤੇ ਨਸ਼ਾ ਵੇਚਣ ਵਾਲੇ 43 ਵਿਅਕਤੀਆਂ ਦੀਆਂ ਨਜਾਇਜ਼ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪਹਿਲੀ ਵਾਰ ਸੂਬੇ ਦੇ ਲੋਕਾਂ ਨੇ ‘ਚਿੱਟੇ’ ਦਾ ਨਾਂਅ ਸੁਣਿਆ ਸੀ। ਉਨ੍ਹਾ ਅੱਗੇ ਕਿਹਾ ਕਿ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਤੋਂ 35 ਕਿਲੋਮੀਟਰ ਦੂਰ ਗੁਟਕਾ ਸਾਹਿਬ ਫੜ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਬਾਅਦ ਵਿੱਚ ਕਾਂਗਰਸ ਦੇ ਸ਼ਾਸਨ ਦੌਰਾਨ ਇਹ ਨਸ਼ੇ ਦਾ ਕਾਰੋਬਾਰ ਹੋਰ ਵੀ ਪ੍ਰਫੁੱਲਤ ਹੋ ਗਿਆ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਸਿਰ ਲੱਗਭੱਗ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਪਾਇਆ।
ਇਸ ਕਰਜ਼ੇ ’ਤੇ ਲੱਗਣ ਵਾਲਾ ਵਿਆਜ ਹੀ ਸਾਲਾਨਾ 20,000 ਕਰੋੜ ਰੁਪਏ ਹੈ, ਜੋ ਕਿ ਸੂਬੇ ’ਤੇ ਇੱਕ ਵੱਡਾ ਬੋਝ ਹੈ। ਉਨ੍ਹਾ ਕਿਹਾ ਕਿ ਇਸ ਵਿਆਜ ਦੀ ਮੂਲ ਰਕਮ ਦੀ ਅਦਾਇਗੀ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਬਜਟ ਦਾ ਇੱਕ ਵੱਡਾ ਹਿੱਸਾ ਅਜੇ ਵੀ ਵਿਆਜ ਦੀ ਅਦਾਇਗੀ ਲਈ ਅਲਾਟ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਸਰੋਤਾਂ ’ਤੇ ਦਬਾਅ ਪੈ ਰਿਹਾ ਹੈ।