ਐੱਸ ਜੀ ਪੀ ਸੀ ਦਾ ਕਰੀਬ 14 ਅਰਬ ਦਾ ਬਜਟ ਪਾਸ

0
131

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ੁੱਕਰਵਾਰ ਸਾਲਾਨਾ ਬਜਟ ਅਜਲਾਸ ਵਿੱਚ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦੀ ਵੱਧ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖਰਚ ਹੋਣ ਦਾ ਅਨੁਮਾਨ ਹੈ।
ਅਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ-ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿਚ ਦਿੱਤੇ ਬਿਆਨ ਦੀ ਨਿਖੇਧੀ, ਪੰਜਾਬ ਤੋਂ ਬਾਹਰ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਹੇ ਨਫ਼ਰਤੀ ਮਾਹੌਲ ਦੀ ਨਿਖੇਧੀ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸੰਬੰਧਤ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਫ਼ੌਜ ਵਿਚ ਸਿੱਖਾਂ ਦਾ ਰਾਖਵਾਂ ਕੋਟਾ ਨਿਰਧਾਰਤ ਕਰਨ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਸੰਘਰਸ਼ ਆਦਿ ਨਾਲ ਸੰਬੰਧਤ ਮਤੇ ਸ਼ਾਮਲ ਹਨ।