ਆਈ ਏ ਐੱਸ ਤੇ ਆਈ ਪੀ ਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ-ਦਸੇਰੇ ਬਣਨਗੇ : ਮੁੱਖ ਮੰਤਰੀ

0
147

ਧੂਰੀ (ਮੋਹਿਤ ਗਰਗ/ਬਿੰਨੀ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਕਿਹਾ ਕਿ ਸੂਬੇ ਦੇ ਸੀਨੀਅਰ ਆਈ ਏ ਐੱਸ ਅਤੇ ਆਈ ਪੀ ਐੱਸ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ-ਦਸੇਰੇ ਬਣਨਗੇ, ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗ-ਦਰਸ਼ਨ ਕੀਤਾ ਜਾ ਸਕੇ।
ਘਨੌਰੀ ਕਲਾਂ ਵਿਖੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ ਟੀ ਐੱਮ) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ ਏ ਐੱਸ ਅਤੇ ਆਈ ਪੀ ਐੱਸ ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ-ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਲੋੜੀਂਦੀ ਸਿਖਲਾਈ ਨੂੰ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ, ਸਗੋਂ ਰਾਹ-ਦਸੇਰੇ ਵਜੋਂ ਸੇਧ ਦੇਣਗੇ। ਇਹ ਕੰਮ ਸਵੈ-ਇੱਛਤ ਸੇਵਾ ਹੋਵੇਗਾ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਨੂੰ ਨਿਭਾਉਣਾ ਹੋਵੇਗਾ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਉਡਾਣ ਭਰਨ ਲਈ ਖੰਬ ਦੇਵੇਗਾ, ਤਾਂ ਕਿ ਉਹ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਸਕਣ। ਇਨ੍ਹਾਂ ਆਈ ਏ ਐੱਸ ਅਤੇ ਆਈ ਪੀ ਐੱਸ ਅਧਿਕਾਰੀ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣਗੇ, ਤਾਂ ਕਿ ਉਹ ਮਹੱਤਵਪੂਰਨ ਪ੍ਰੀਖਿਆਵਾਂ ਪਾਸ ਕਰਕੇ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ।
ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਨਵੈਂਟ ਸਕੂਲਾਂ ’ਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਕਦੇ ਵੀ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਕੱਖ ਨਹੀਂ ਕੀਤਾ। ਇਸ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਉਨ੍ਹਾਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਕੋਈ ਚਿੰਤਾ ਨਹੀਂ ਸੀ, ਪਰ ਉਨ੍ਹਾ ਦੀ ਸਰਕਾਰ ਸਿੱਖਿਆ ਵਿੱਚ ਇਹ ਮਿਸਾਲੀ ਬਦਲਾਅ ਲਿਆਈ ਹੈ। ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਬੁਲੰਦੀ ਛੂਹਣ ਲਈ ਰਵਾਇਤੀ ਪਾਰਟੀਆਂ ਦੇ ਆਗੂਆਂ ਵਾਂਗ ਪੈਰਾਸ਼ੂਟ ਵਾਲਾ ਰਸਤਾ ਅਪਣਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਵਿਚਰਨ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਸਿੱਖਿਆ ਮਾਡਲ ਨੇ ਹੈਰਾਨੀਜਨਕ ਕੰਮ ਕੀਤਾ ਹੈ, ਕਿਉਕਿ ਸ਼ਹਿਰਾਂ ਦੇ ਵਿਦਿਆਰਥੀ ਹੁਣ ਪਿੰਡਾਂ ਵਿੱਚ ਸਥਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਲਾਈਨਾਂ ਲਾ ਰਹੇ ਹਨ।