ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ

0
132

ਮਾਲੇਰਕੋਟਲਾ (ਅਸਗਰ ਪਰਿਹਾਰ)
ਇੱਥੇ ਹਜ਼ਾਰਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ। ਈਦ ਦਾ ਖੁਤਬਾ ਤੇ ਇਮਾਮਤ ਦੇ ਫਰਾਇਜ਼ ਮੁਫਤੀ-ਏ-ਆਜ਼ਮ ਪੰਜਾਬ ਹਜ਼ਰਤ ਮੌਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਨੇ ਅਦਾ ਕੀਤੇ।
ਈਦ ਦੀ ਮੁਬਾਰਕਬਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ।ਵੱਡੀ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।