ਚੰਡੀਗੜ੍ਹ/ਫਿਰੋਜ਼ਪੁਰ (ਗੁਰਜੀਤ ਬਿੱਲਾ)
ਕਾਊਂਟਰ ਇੰਟੈਲੀਜੈਂਸ (ਸੀ ਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗਿ੍ਰਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾ ਫਾਸ਼ ਕੀਤਾ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਸ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਏ ਆਈ ਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ’ਤੇ ਕਾਰਵਾਈ ਕਰਦਿਆਂ ਸੀ ਆਈ ਫਿਰੋਜ਼ਪੁਰ ਦੀਆਂ ਪੁਲਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਅਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।ਉਨ੍ਹਾ ਦੱਸਿਆ ਕਿ ਜਦੋਂ ਪੁਲਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾ ਫਾਸ਼ ਕਰਨ ਦੇ ਨਾਲ-ਨਾਲ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ।