ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ, ਕਿਉਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।
ਉਨ੍ਹਾ ਦੁਹਰਾਇਆ ਕਿ ਸੂਬਾ ਸਰਕਾਰ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੇਗੀ। ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਢੁਕਵੀਂ ਵਿਧੀ ਅਪਣਾਈ ਗਈ ਹੈ, ਜਿਸ ਕਰਕੇ ਹੁਣ ਤੱਕ 55,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ, ਪਰ ਇਕ ਵੀ ਨੌਕਰੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਬੜੀ ਇਤਫਾਕ ਦੀ ਗੱਲ ਹੈ ਕਿ ਹੁਣ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਪਰ ਜਿਨ੍ਹਾਂ ਨੇ ਇਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ, ਉਹ ਹੁਣ ਬੇਰੁਜ਼ਗਾਰ ਹਨ ਅਤੇ ਸੱਤਾ ਤੋਂ ਬਾਹਰ ਬੈਠੇ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।