ਜਲੰਧਰ, (ਰਾਜੇਸ਼ ਥਾਪਾ)
ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ’ਤੇ ਵਿਚਾਰ ਕਰਨ ਲਈ ਬੁੱਧਵਾਰ ਇਥੇ ਦੇਸ਼ ਭਗਤ ਯਾਦਗਾਰ ਹਾਲ ਵਿਚ ਰਾਜ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਬੁੱਧੀਜੀਵੀਆਂ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਸਿਆਸੀ ਆਗੂਆਂ ਤੇ ਬੁੱਧੀਜੀਵੀਆਂ ਨੇ ਇਕ ਸੁਰ ਵਿਚ ਬੋਲਦਿਆਂ ਗਹਿਰੀ ਚਿੰਤਾ ਪ੍ਰਗਟ ਕੀਤੀ ਕਿ ਧਰਮ ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਨੂੰ ਕੇਂਦਰ ਸਰਕਾਰ ਦੀਆਂ ਕੇਂਦਰਵਾਦੀ ਨੀਤੀਆਂ ਕਾਰਨ ਹਕੀਕੀ ਰੂਪ ਵਿਚ ਵੱਡੇ ਖ਼ਤਰੇ ਪੈਦਾ ਹੋ ਰਹੇ ਹਨ। ਇਨ੍ਹਾਂ ਖ਼ਤਰਿਆਂ ਬਾਰੇ ਦੇਸ਼ ਦੇ ਅਤੇ ਖ਼ਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲਾਮਬੰਦ ਕਰਨ ਲਈ ਇਕ ਪ੍ਰਭਾਵੀ ਮੰਚ ਦੀ ਲੋੜ ਹੈ, ਜੋ ਸਮੇਂ-ਸਮੇਂ ਆਪਣੀਆਂ ਮੀਟਿੰਗਾਂ, ਸੈਮੀਨਾਰਾਂ ਤੇ ਹੋਰ ਢੰਗ-ਤਰੀਕਿਆਂ ਨਾਲ ਕੇਂਦਰਵਾਦੀ ਰੁਝਾਨਾਂ ਦਾ ਵਿਰੋਧ ਕਰੇ ਅਤੇ ਲੋਕਾਂ ਸਾਹਮਣੇ ਬਦਲਵਾਂ ਬਿਰਤਾਂਤ ਰੱਖੇ।
ਇਸ ਦੇ ਨਾਲ ਹੀ ਮੀਟਿੰਗ ਵਿਚ ਸ਼ਾਮਲ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਨੇ ਇਹ ਵੀ ਮਹਿਸੂਸ ਕੀਤਾ ਕਿ ਪੰਜਾਬ ਨੂੰ ਰਾਜਨੀਤਕ, ਆਰਥਕ, ਵਾਤਾਵਰਣਕ, ਸੱਭਿਆਚਾਰਕ ਅਤੇ ਅਮਨ-ਕਾਨੂੰਨ ਦੇ ਪੱਖ ਤੋਂ ਬਹੁਤ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਹੈ। ਇਨ੍ਹਾਂ ਚੁਣੌਤੀਆਂ ਬਾਰੇ ਅਕਾਦਮਿਕ ਪੱਧਰ ’ਤੇ ਵਿਚਾਰ-ਚਰਚਾ ਕਰਕੇ ਹੱਲ ਲੱਭਣ ਲਈ ਵੀ ਰਾਜ ਦੀਆਂ ਸਿਆਸੀ ਪਾਰਟੀਆਂ ਅਤੇ ਬੁੱਧੀਜੀਵੀਆਂ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ। ਇਨ੍ਹਾਂ ਸਰੋਕਾਰਾਂ ਲਈ ਵੀ ਪ੍ਰਸਤਾਵਿਤ ਮੰਚ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਾ ਪਵੇਗਾ। ਮੀਟਿੰਗ ਵਿਚ ਸ਼ਾਮਿਲ ਸਿਆਸੀ ਆਗੂਆਂ ਤੇ ਬੁੱਧੀਜੀਵੀਆਂ ਨੇ ਇਹ ਸਹਿਮਤੀ ਵੀ ਪ੍ਰਗਟ ਕੀਤੀ ਕਿ ਭਵਿੱਖ ਵਿਚ ਇਹੋ ਜਿਹੀਆਂ ਹੋਰ ਮੀਟਿੰਗ ਬੁਲਾ ਕੇ ਵੱਧ ਤੋਂ ਵੱਧ ਸਿਆਸੀ ਧਿਰਾਂ ਤੇ ਬੁੱਧੀਜੀਵੀਆਂ ਨੂੰ ਨਾਲ ਜੋੜਨ ਦੀ ਲੋੜ ਹੈ।
ਮੀਟਿੰਗ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਬਰਾੜ, ਆਰ ਐੱਮ ਪੀ ਆਈ ਦੇ ਕੌਮੀ ਆਗੂ ਮੰਗਤ ਰਾਮ ਪਾਸਲਾ, ਸੀ ਪੀ ਆਈ (ਐੱਮ) ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖ਼ਤਪੁਰ, ਸੀਨੀਅਰ ਸੂਬਾਈ ਆਗੂ ਸੁਖਦੇਵ ਸਿੰਘ ਤੇ ਵਿਜੇ ਕੁਮਾਰ, ਆਰ ਐੱਮ ਪੀ ਆਈ. ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਸੂਬਾ ਸਕੱਤਰੇਤ ਦੇ ਮੈਂਬਰਾਨ ਪ੍ਰੋ. ਜੈਪਾਲ ਸਿੰਘ, ਸੱਜਣ ਸਿੰਘ, ਐੱਮ ਸੀ ਪੀ ਆਈ ਯੂ ਦੇ ਆਗੂ ਮੰਗਤ ਰਾਏ ਲੌਂਗੋਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਬੁੱਧੀਜੀਵੀਆਂ ਅਤੇ ਲੇਖਕਾਂ ਵਿਚੋਂ ਪ੍ਰੋ. ਵਰਿਆਮ ਸਿੰਘ ਸੰਧੂ, ਪ੍ਰੋ. ਜਗਰੂਪ ਸਿੰਘ ਸੇਖੋਂ, ਕੇਂਦਰੀ ਲੇਖਕ ਸਭਾ ਦੇ ਸਕੱਤਰ ਡਾ. ਦਰਸ਼ਨ ਸਿੰਘ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਪੱਤਰਕਾਰ ਤੇ ਚਿੰਤਕ ਹਮੀਰ ਸਿੰਘ, ਪ੍ਰੋ. ਅਮਰਜੀਤ ਸਿੰਘ ਸਿੱਧੂ, ਸਤਨਾਮ ਸਿੰਘ ਚਾਨਾ, ਪ੍ਰਗਤੀਸ਼ੀਲ ਲੇਖਕ ਸਭਾ ਵੱਲੋਂ ਭਗਵੰਤ ਰਸੂਲਪੁਰੀ ਅਤੇ ਪੰਜਾਬ ਚੇਤਨਾ ਮੰਚ ਵੱਲੋਂ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਆਪੋ-ਆਪਣੇ ਵਿਚਾਰ ਰੱਖੇ।





