ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਵੀਰਵਾਰ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬੱਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਵਜ਼ਾਰਤ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭਿ੍ਰਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐੱਮ.ਐੱਸ.) ਨਾਲ ਸੰਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬੱਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣਗੇ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰਾਂਸਪੋਰਟੇਸ਼ਨ ਰੁਕਣ ਦੀ ਸੰਭਾਵਨਾ ਹੈ। ਇਸ ਨਾਲ ਬਾਜ਼ਾਰ ਵਿੱਚ ਕਰੱਸ਼ਡ ਰੇਤ ਅਤੇ ਬੱਜਰੀ ਦੀ ਉਪਲੱਬਧਤਾ ਵਧੇਗੀ, ਜੋ ਸੂਬੇ ਵਿੱਚ ਵਿਕਾਸ ਗਤੀਵਿਧੀਆਂ ਲਈ ਜ਼ਰੂਰੀ ਹੈ। ਇਸੇ ਤਰ੍ਹਾਂ ਲੈਂਡਓਨਰ ਮਾਈਨਿੰਗ ਸਾਈਟਾਂ (ਐੱਲ.ਐੱਮ.ਐੱਸ.) ਨਾਲ ਰੇਤ ਵਾਲੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਹੂਲਤ ਹੋਵੇਗੀ ਅਤੇ ਉਹ ਮਾਈਨਿੰਗ ਲੀਜ਼ ਲਈ ਅਰਜ਼ੀ ਦੇ ਸਕਣਗੇ ਅਤੇ ਖਣਨ ਸਮੱਗਰੀ ਨੂੰ ਸਰਕਾਰ ਦੀਆਂ ਤੈਅ ਕੀਮਤਾਂ ੳੱੁਤੇ ਖੁੱਲ੍ਹੇ ਬਾਜ਼ਾਰ ਵਿੱਚ ਵੇਚ ਸਕਣਗੇ। ਇਸ ਤੋਂ ਪਹਿਲਾਂ ਜ਼ਮੀਨ ਮਾਲਕਾਂ ਦੀ ਸਹਿਮਤੀ ਨਾ ਹੋਣ ਕਾਰਨ ਕਈ ਮਾਈਨਿੰਗ ਥਾਵਾਂ ਕਾਰਜਸ਼ੀਲ ਨਹੀਂ ਸਨ ਕਿਉਕਿ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਕਿਸੇ ਅਣਜਾਣ ਵਿਅਕਤੀ ਨੂੰ ਮਾਈਨਿੰਗ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਨਹੀਂ ਹੁੰਦੇ ਸਨ। ਐੱਲ.ਐੱਮ.ਐੱਸ. ਦੀ ਸ਼ੁਰੂਆਤ ਨਾਲ ਕਾਰਜਸ਼ੀਲ ਮਾਈਨਿੰਗ ਥਾਵਾਂ ਦੀ ਗਿਣਤੀ ਵਧੇਗੀ, ਜਿਸ ਨਾਲ ਮਾਰਕੀਟ ਸਪਲਾਈ ਵਧਣ ਦੇ ਨਾਲ-ਨਾਲ ਸੂਬੇ ਦਾ ਮਾਲੀਆ ਵਧੇਗਾ। ਇਹ ਕਦਮ ਮਾਈਨਿੰਗ ਸੈਕਟਰ ਵਿੱਚ ਇਜਾਰੇਦਾਰੀ ਖਤਮ ਹੋਵੇਗੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ.ਓ.ਸੀ.) ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ, ਕਿਉਕਿ ਉਹ ਇਨ੍ਹਾਂ ਜ਼ਮੀਨਾਂ ਦੇ ਕਸਟੋਡੀਅਨ (ਰਖਵਾਲੇ) ਹੁੰਦੇ ਹਨ। ਇਹ ਬਦਲਾਅ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ ਅਤੇ ਸਰਕਾਰੀ ਜ਼ਮੀਨਾਂ ’ਤੇ ਮਾਈਨਿੰਗ ਵਾਲੀਆਂ ਥਾਵਾਂ ਦੇ ਸੰਚਾਲਨ ਨੂੰ ਤੇਜ਼ ਕਰੇਗਾ।ਵਜ਼ਾਰਤ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ਤਾ, ਨਿਰਪੱਖਤਾ ਅਤੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਸੋਧਾਂ ਨਾ ਸਿਰਫ਼ ਮਾਈਨਿੰਗ ਦੇ ਭਾਈਵਾਲਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੀਆਂ, ਸਗੋਂ ਸੂਬਾ ਭਰ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਕਾਨੂੰਨੀ ਅਤੇ ਪਾਰਦਰਸ਼ੀ ਸੰਚਾਲਨ ਲਈ ਢੁਕਵਾਂ ਢਾਂਚਾ ਵੀ ਕਾਇਮ ਕਰਨਗੀਆਂ। ਇਸ ਨੀਤੀ ਦਾ ਉਦੇਸ਼ ਵਾਤਾਵਰਣ ਅਤੇ ਰੈਗੂਲੇਟਰੀ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਹੈ।
‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਨੂੰ ਹਰੀ ਝੰਡੀ
ਵਜ਼ਾਰਤ ਨੇ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ ਆਈ.ਏ.ਐੱਸ./ਆਈ.ਪੀ.ਐੱਸ. ਅਫਸਰ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣਗੇ ਅਤੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ’ਚ ਬੁਲੰਦੀਆਂ ਛੂਹਣ ਵਿੱਚ ਲੋੜੀਂਦੀ ਸੇਧ ਦੇਣਗੇ। ਇਹ ਪਾਇਲਟ ਪ੍ਰਾਜੈਕਟ ਸਭ ਤੋਂ ਪਹਿਲਾਂ ਸੂਬੇ ਦੇ 80 ‘ਸਕੂਲ ਆਫ ਐਮੀਨੈਂਸ’ ਵਿੱਚ ਸ਼ੁਰੂ ਹੋਵੇਗਾ ਅਤੇ ਹਰੇਕ ਅਫਸਰ ਨੂੰ ਪੰਜ ਸਾਲਾਂ ਲਈ ਸਕੂਲ ਅਲਾਟ ਕੀਤਾ ਜਾਵੇਗਾ, ਚਾਹੇ ਇਸ ਸਮੇਂ ਦੌਰਾਨ ਉਸ ਦੀ ਤਾਇਨਾਤੀ ਕਿਸੇ ਵੀ ਜਗ੍ਹਾ ਹੋਵੇ। ਇਸ ਕਦਮ ਨਾਲ ਆਈ.ਏ.ਐੱਸ./ਆਈ.ਪੀ.ਐੱਸ. ਅਧਿਕਾਰੀਆਂ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਾਰਥਕ ਵਾਰਤਾਲਾਪ ਹੋਵੇਗਾ, ਜਿਸ ਨਾਲ ਸਿੱਖਿਆ ਦਾ ਮਾਹੌਲ ਹੋਰ ਜ਼ਿਆਦਾ ਸਾਜ਼ਗਾਰ ਹੋਵੇਗਾ। ਇਹ ਅਧਿਕਾਰੀ ਜਿੱਥੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੇਧ ਦੇਣਗੇ, ਉਥੇ ਹੀ ਅਧਿਆਪਕਾਂ ਦਾ ਹੁਨਰ ਨਿਖਾਰਨ ਲਈ ਸਿਖਲਾਈ ਦੇਣਾ ਯਕੀਨੀ ਬਣਾਉਣਗੇ। ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਹ ਅਧਿਕਾਰੀ ਬੌਸ ਵਜੋਂ ਨਹੀਂ, ਸਗੋਂ ਰਾਹ-ਦਸੇਰੇ ਵਜੋਂ ਸੇਧ ਦੇਣਗੇ। ਉਨ੍ਹਾ ਕਿਹਾ ਕਿ ਇਹ ਕਾਰਜ ਸਵੈ-ਇੱਛਤ ਹੋਵੇਗਾ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਫਰਜ਼ ਨੂੰ ਨਿਭਾਉਣਾ ਹੋਵੇਗਾ।




