ਇਸੇ ਤਰ੍ਹਾਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ਕਰਵਾਈ ਜਾਵੇਗੀ। ਯਾਤਰਾ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ, ਜਿਸ ਵਿੱਚ ਏਅਰ-ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਅਤੇ ਖਾਣ-ਪੀਣ ਦੀ ਵਿਵਸਥਾ ਆਦਿ ਸਹੂਲਤਾਂ ਹੋਣਗੀਆਂ। ਯਾਤਰਾ ਨੂੰ ਯਾਦਗਾਰ ਬਣਾਉਣ ਲਈ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਯਾਦ-ਚਿੰਨ੍ਹ ਵਜੋਂ ਤੋਹਫ਼ਾ ਵੀ ਦਿੱਤਾ ਜਾਵੇਗਾ।
50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਹ ਯੋਜਨਾ ਹਰੇਕ ਜਾਤੀ, ਧਰਮ, ਆਮਦਨ ਅਤੇ ਖੇਤਰਾਂ ਦੇ ਲੋਕਾਂ ਲਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।ਯਾਤਰਾ ਦਾ ਉਦੇਸ਼ ਸੂਬੇ ਦੀ ਅਮੀਰ ਅਧਿਆਤਮਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਮੂਰਤੀਮਾਨ ਕਰਨਾ ਹੈ ਅਤੇ ਇਸ ਵਿੱਚ ਸਾਰੇ ਪ੍ਰਮੁੱਖ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਸ਼ਾਮਲ ਹੋਣਗੀਆਂ।ਯਾਤਰਾ ਦੌਰਾਨ ਸਤਿਸੰਗ ਅਤੇ ਕੀਰਤਨ ਆਦਿ ਧਾਰਮਿਕ ਸਰਗਰਮੀਆਂ ਵੀ ਹੋਣਗੀਆਂ। ਯਾਤਰਾ ਮੁਕੰਮਲ ਹੋਣ ਤੋਂ ਬਾਅਦ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ। ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਬੱਜਟ ਰੱਖਿਆ ਗਿਆ ਹੈ ਅਤੇ ਜੇਕਰ ਲੋੜ ਪਈ ਤਾਂ ਇਸ ਨੂੰ ਹੋਰ ਵਧਾਇਆ ਜਾਵੇਗਾ। ਤੀਰਥ ਯਾਤਰਾ ’ਤੇ ਜਾਣ ਵਾਲਿਆਂ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਆਖਰੀ ਹਫ਼ਤੇ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਵਿੱਚ ਸ਼ੁਰੂ ਹੋਵੇਗੀ।