ਫਿਲੌਰ (ਨਿਰਮਲ/ਹਰਜਿੰਦਰ ਕੌਰ ਚਾਹਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਇੱਥੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐੱਸ ਐੱਚ ਓਜ਼ ਨੂੰ ਨਵੇਂ ਵਾਹਨ ਮਿਲੇ ਹਨ। ਐੱਸ ਐੱਚ ਓ ਪੰਜਾਬ ਪੁਲਸ ਦਾ ਅਸਲੀ ਚਿਹਰਾ ਹੁੰਦੇ ਹਨ, ਕਿਉਕਿ ਉਹ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦੀ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਮਗਲ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਡਰੋਨਾਂ ਦੀ ਆਵਾਜਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸ਼ੁਰੂ ਕਰ ਕੇ ਬੀ ਐੱਸ ਐੱਫ ਨਾਲ ਹੱਥ ਮਿਲਾਇਆ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ, ਕਿਉਕਿ ਬੀ ਐੱਸ ਐੱਫ ਦੀ ਇਕ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਸਖ਼ਤੀ ਕਾਰਨ ਸਰਹੱਦ ਪਾਰੋਂ ਸਮਗਲਿੰਗ ਵਿੱਚ ਕਮੀ ਆਈ ਹੈ।ਇਸ ਤੋਂ ਪਹਿਲਾਂ ਡੀ ਜੀ ਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।





