ਸ੍ਰੀ ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਵਿਚਕਾਰ ਰੋਪਵੇ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ : ਮਾਨ

0
12

ਨੈਣਾ ਦੇਵੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ।ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। ਉਨ੍ਹਾ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਇਸ ਦੌਰਾਨ ਨਵਰਾਤਿਆਂ ਦੇ ਚੱਲ ਰਹੇ ਤਿਉਹਾਰ ਦੌਰਾਨ ਮੁੱਖ ਮੰਤਰੀ ਨੇ ਸ਼ਕਤੀਪੀਠ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।