ਚੰਡੀਗੜ੍ਹ (ਗੁਰਜੀਤ ਬਿੱਲਾ/
ਕਿ੍ਰਸ਼ਨ ਗਰਗ)
ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਡੋਰਸਟੈੱਪ ਡਿਲੀਵਰੀ ਸਰਵਿਸ ਦੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਇਹ ਐਲਾਨ ਸਨਿੱਚਰਵਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ 406 ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨੂੰ ਲੋਕ ਹੈੱਲਪਲਾਈਨ ਨੰਬਰ 1076 ’ਤੇ ਫੋਨ ਕਰਕੇ ਘਰ ਬੈਠੇ ਬੁੱਕ ਕਰਵਾ ਸਕਦੇ ਹਨ। ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐੱਮ ਸੀਜ਼) ਦੀਆਂ ਆਨਲਾਈਨ ਲਾਗਇਨ ਆਈ ਡੀਜ਼ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸੰਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।